ਹੜ੍ਹਾਂ ਕਾਰਨ ਹੋਇਆ ਸੀ ਨੁਕਸਾਨ; ਧਾਰਮਿਕ ਮਾਮਲਿਆਂ ਦੇ ਮੰਤਰਾਲੇ ਦੀ ਮੀਟਿੰਗ ਵਿਚ ਲਿਆ ਫੈਸਲਾ
ਇਸਲਾਮਾਬਾਦ, 25 ਫਰਵਰੀ (ਪੰਜਾਬ ਮੇਲ)-ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੀ ਅਧਿਕਾਰਤ ਗਵਰਨਿੰਗ ਬਾਡੀ ਨੇ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨੇ ਗਏ ਇਸ ਪਵਿੱਤਰ ਸਿੱਖ ਧਾਰਮਿਕ ਸਥਾਨ ਦੀ ਮੁਰੰਮਤ ਅਤੇ ਬਹਾਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦਾ ਫੈਸਲਾ ਕੀਤਾ ਹੈ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਵਿਚ ਸਕੱਤਰ ਸਾਜਿਦ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ।
ਜਾਣਕਾਰੀ ਅਨੁਸਾਰ ਕੌਂਸਲ ਨੇ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਸਮੀਖਿਆ ਕੀਤੀ। ਹੜ੍ਹਾਂ ਕਾਰਨ ਲਾਂਘੇ (ਕਾਰੀਡੋਰ) ਪ੍ਰਾਜੈਕਟ ਦੇ ਕੁਝ ਹਿੱਸੇ ਪ੍ਰਭਾਵਿਤ ਹੋਏ ਸਨ। ਇਨ੍ਹਾਂ ਖਰਾਬ ਹੋਏ ਹਿੱਸਿਆਂ ਨੂੰ ਪਹਿਲ ਦੇ ਆਧਾਰ ‘ਤੇ ਠੀਕ ਕੀਤਾ ਜਾਵੇਗਾ। ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਕੌਂਸਲ ਨੇ ਫੈਸਲਾ ਕੀਤਾ ਕਿ ਦੋ ਹਫ਼ਤਿਆਂ ਦੇ ਅੰਦਰ ਮੁੜ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਇਸ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ।
ਸਾਜਿਦ ਚੌਹਾਨ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਪ੍ਰਾਜੈਕਟ ਮਾਨਵਤਾਵਾਦੀ ਕਦਰਾਂ-ਕੀਮਤਾਂ ਅਤੇ ਅੰਤਰ-ਧਰਮ ਸਦਭਾਵਨਾ ਦਾ ਪ੍ਰਤੀਕ ਹੈ। ਉਨ੍ਹਾਂ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਇਥੇ ਆਉਣ ਵਾਲੇ ਸਿੱਖ ਸ਼ਰਧਾਲੂਆਂ ਅਤੇ ਸ਼ਰਧਾਲੂਆਂ ਨੂੰ ਬਿਹਤਰੀਨ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਪੰਜਾਬ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਇਸ ਮੀਟਿੰਗ ਵਿਚ ਸ਼ਿਰਕਤ ਕੀਤੀ। ਅਰੋੜਾ ਨੇ ਕਿਹਾ ਕਿ ਸੰਘੀ ਅਤੇ ਪੰਜਾਬ ਸਰਕਾਰ ਸਿੱਖ ਯਾਤਰੀਆਂ ਦੀ ਸੇਵਾ ਅਤੇ ਪ੍ਰਾਹੁਣਚਾਰੀ ਲਈ ਮਿਲ ਕੇ ਕੋਸ਼ਿਸ਼ਾਂ ਕਰ ਰਹੀਆਂ ਹਨ।
ਇਸ ਮੀਟਿੰਗ ਵਿਚ ਗ੍ਰਹਿ, ਵਿਦੇਸ਼, ਵਿੱਤ, ਰੱਖਿਆ, ਕਾਨੂੰਨ, ਸੂਚਨਾ ਅਤੇ ਪ੍ਰਸਾਰਨ ਮੰਤਰਾਲਿਆਂ ਦੇ ਨਾਲ-ਨਾਲ ਯੋਜਨਾ ਕਮਿਸ਼ਨ ਅਤੇ ਫਰੰਟੀਅਰ ਵਰਕਸ ਆਰਗੇਨਾਈਜ਼ੇਸ਼ਨ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿਚ ਰਾਵੀ ਦਰਿਆ ਦੇ ਕੰਢੇ ਸਥਿਤ ਹੈ, ਜੋ ਭਾਰਤ ਵਿਚ ਡੇਰਾ ਬਾਬਾ ਨਾਨਕ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ। ਗੁਰੂ ਨਾਨਕ ਦੇਵ ਨੇ ਆਪਣੇ ਆਖਰੀ 18 ਸਾਲ ਇਥੇ ਬਿਤਾਏ ਸਨ।
ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਨੁਕਸਾਨੇ ਹਿੱਸਿਆਂ ਦੀ ਮੁਰੰਮਤ ਜਲਦ ਕਰਨ ਦਾ ਫੈਸਲਾ

