#PUNJAB

ਪਾਵਨ ਸਰੂਪ: ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਤਣਾਅ ਬਰਕਰਾਰ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਮੇਲ)- ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਤਣਾਅ ਬਰਕਰਾਰ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਦਾਅਵਾ ਕੀਤਾ ਕਿ ਉਹ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਵਾਸਤੇ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਨੂੰ ਰਿਕਾਰਡ ਦੇਣ ਲਈ ਤਿਆਰ ਹੈ ਪਰ ਹੁਣ ਤੱਕ ਸਿਟ ਵੱਲੋਂ ਰਿਕਾਰਡ ਲੈਣ ਲਈ ਕੋਈ ਹੁੰਗਾਰਾ ਨਹੀਂ ਭਰਿਆ ਗਿਆ। ਦੂਜੇ ਪਾਸੇ ਸਰਕਾਰ ਨੇ ਹਾਈ ਕੋਰਟ ਵਿਚ ਆਖਿਆ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦਾ ਰਿਕਾਰਡ ਨਹੀਂ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਸਿਟ ਦੇ ਮੁਖੀ ਅਤੇ ਹੋਰਨਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਦਫ਼ਤਰ ਅਤੇ ਚੰਡੀਗੜ੍ਹ ਦਫ਼ਤਰ ਵਿਚ ਪਹੁੰਚ ਕਰ ਕੇ ਰਿਕਾਰਡ ਮੰਗਿਆ ਗਿਆ ਸੀ। ਇਸ ਮਾਮਲੇ ਦੀ ਜਾਂਚ ਵਾਸਤੇ ਜਿਸ ਤਰ੍ਹਾਂ ਦਾ ਵੀ ਰਿਕਾਰਡ ਮੰਗਿਆ ਗਿਆ ਸੀ, ਉਸ ਨੂੰ ਤਿਆਰ ਕੀਤਾ ਗਿਆ ਹੈ। ਇਸ ਤੋਂ ਬਾਅਦ ਉਨ੍ਹਾਂ ਸਿਟ ਦੇ ਮੁਖੀ, ਸਿਟ ਦੀ ਨਿਗਰਾਨੀ ਕਰ ਰਹੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਤੇ ਸਿਟ ਦੇ ਮੈਂਬਰ ਸਮੇਤ ਤਿੰਨਾਂ ਨੂੰ ਇਸ ਬਾਰੇ ਫੋਨ ‘ਤੇ ਜਾਣਕਾਰੀ ਦਿੱਤੀ ਸੀ। ਇਨ੍ਹਾਂ ਸਾਰੇ ਅਧਿਕਾਰੀਆਂ ਨੂੰ 27, 28, 29 ਜਨਵਰੀ ਨੂੰ ਕਿਸੇ ਵੀ ਦਿਨ ਚੰਡੀਗੜ੍ਹ ਦਫ਼ਤਰ ਵਿਚ ਰਿਕਾਰਡ ਲੈਣ ਵਾਸਤੇ ਪੇਸ਼ਕਸ਼ ਕੀਤੀ ਸੀ ਪਰ ਇਨ੍ਹਾਂ ਵੱਲੋਂ ਕੋਈ ਹੁੰਗਾਰਾ ਨਹੀਂ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਆਖਿਆ ਕਿ ਇਸ ਮਾਮਲੇ ਵਿਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੇ ਹੁਕਮ ਮੁਤਾਬਕ ਸਿੱਖ ਸੰਸਥਾ ਵੱਲੋਂ ਜਾਂਚ ਟੀਮ ਨੂੰ ਬਣਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮ ਦਿੱਤਾ ਸੀ ਕਿ ਇਸ ਸਬੰਧੀ ਰਿਕਾਰਡ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਚ ਸਿੱਖ ਸੰਸਥਾ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਹੇਠ ਸਿਟ ਨੂੰ ਸੌਂਪਿਆ ਜਾਵੇ।
ਸਿਟ ਵੱਲੋਂ ਕੁੱਲ 20 ਨੁਕਤਿਆਂ ‘ਤੇ ਰਿਕਾਰਡ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿਚ ਸਿਟ ਵੱਲੋਂ ਹੁਣ ਤੱਕ ਨਾਮਜ਼ਦ ਕੀਤੇ 16 ਵਿਅਕਤੀਆਂ ‘ਚੋਂ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਵਿਅਕਤੀਆਂ ਵੱਲੋਂ ਹਾਈ ਕੋਰਟ ਵਿਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੋਈ ਹੈ, ਜਿਸ ਦੀ ਸੁਣਵਾਈ ਵੀ ਹੋਈ। ਨਾਮਜ਼ਦ ਵਿਅਕਤੀਆਂ ‘ਚੋਂ ਦੋ ਦੀ ਮੌਤ ਹੋ ਚੁੱਕੀ ਹੈ ਅਤੇ ਕੁਝ ਵਿਦੇਸ਼ ਵਿਚ ਹਨ।
ਇਸ ਮਾਮਲੇ ਵਿਚ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ 169 ਸਰੂਪ ਮਿਲੇ ਹਨ, ਜਿਨ੍ਹਾਂ ‘ਚੋਂ 100 ਤੋਂ ਵੱਧ ਸਰੂਪਾਂ ਦਾ ਕੋਈ ਰਿਕਾਰਡ ਨਹੀਂ ਹੈ ਪਰ ਸਿਟ ਇਸ ਮਾਮਲੇ ਵਿਚ ਹੁਣ ਤੱਕ ਇਹ ਸਾਬਤ ਨਹੀਂ ਕਰ ਸਕੀ ਕਿ ਕੀ ਇਹ 328 ਪਾਵਨ ਸਰੂਪਾਂ ਨਾਲ ਸਬੰਧਤ ਸਰੂਪ ਹਨ। 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਪੁਲਿਸ ਵੱਲੋਂ 7 ਨਵੰਬਰ ਨੂੰ ਸਿੱਖ ਸਦਭਾਵਨਾ ਦਲ ਦੇ ਮੁਖੀ ਬਲਦੇਵ ਸਿੰਘ ਵਡਾਲਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ।
ਸ਼੍ਰੋਮਣੀ ਕਮੇਟੀ ਦੇ ਲੀਗਲ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਮਾਮਲੇ ਵਿਚ ਸਰਕਾਰ ‘ਤੇ ਸਿਆਸਤ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ 12 ਜਨਵਰੀ ਨੂੰ ਕਾਰਜਕਾਰੀ ਜਥੇਦਾਰ ਵੱਲੋਂ ਸਿਟ ਨੂੰ ਸਹਿਯੋਗ ਕਰਨ ਦੇ ਦਿੱਤੇ ਗਏ ਹੁਕਮ ਤੋਂ ਬਾਅਦ 13 ਜਨਵਰੀ ਨੂੰ ਸਿਟ ਵੱਲੋਂ ਲਿਖਤੀ ਰੂਪ ਵਿਚ ਰਿਕਾਰਡ ਦੀ ਮੰਗ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਰਿਕਾਰਡ ਨੂੰ ਦੇਣ ਵਾਸਤੇ ਤਿਆਰ ਕਰਕੇ ਰੱਖਿਆ ਗਿਆ ਸੀ ਅਤੇ ਇਸ ਸਬੰਧ ਵਿਚ ਸਿਟ ਦੇ ਮੁਖੀ ਤੋਂ ਲੈ ਕੇ ਮੈਂਬਰ ਤੱਕ ਨੂੰ ਰਿਕਾਰਡ ਲੈਣ ਵਾਸਤੇ ਆਖਿਆ ਗਿਆ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। 26 ਜਨਵਰੀ ਨੂੰ ਇਸ ਸਬੰਧ ਵਿਚ ਪੱਤਰ ਵੀ ਭੇਜਿਆ ਗਿਆ ਹੈ ਪਰ ਸਰਕਾਰ ਵੱਲੋਂ ਅਦਾਲਤ ਵਿਚ ਇਸ ਸਬੰਧੀ ਦਿੱਤੇ ਗਏ ਜਵਾਬ ਤੋਂ ਹੈਰਾਨੀ ਹੋਈ ਹੈ।
ਉਨ੍ਹਾਂ ਆਖਿਆ ਇਸ ਮਾਮਲੇ ਵਿਚ ਅਗਲੀ ਸੁਣਵਾਈ 30 ਜਨਵਰੀ ਨੂੰ ਹੈ ਅਤੇ ਸਿੱਟ ਇਸ ਤੋਂ ਪਹਿਲਾਂ 27, 28, 29 ਜਨਵਰੀ ਨੂੰ ਕਿਸੇ ਵੀ ਦਿਨ ਇਹ ਰਿਕਾਰਡ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਤੋਂ ਲੈ ਸਕਦੀ ਹੈ।