#PUNJAB

ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਦਾ ਪੁੱਤਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਪਟਿਆਲਾ, 6 ਨਵੰਬਰ (ਪੰਜਾਬ ਮੇਲ)-  ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ (ਐੱਮ.ਪੀ.) ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਦਾ ਪੁੱਤਰ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ । ਇਸ ਦੌਰਾਨ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੰਦੂਮਾਜਰਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਪਟਿਆਲਾ ਵਿਖੇ ਉਨ੍ਹਾਂ ਦੇ ਘਰ ਪਹੁੰਚੇ।
ਜ਼ਿਕਰਯੋਗ ਹੈ ਕਿ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਫੈਸਲੇ ਤੋਂ ਇੱਕ ਦਿਨ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡ ਦੇਣ ਦਾ ਐਲਾਨ ਕੀਤਾ ਸੀ । ਵਾਪਸੀ ਦਾ ਐਲਾਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਅਤੇ ਲੋਕਾਂ ਦੀ ਮੰਗ ਅਕਾਲੀ ਦਲ ਨੂੰ ਇਕੱਠੇ ਹੋਣ ਦੀ ਤਾਕੀਦ ਕਰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਆਪ ਵਿਧਾਨ ਸਭਾ ਚੋਣਾਂ ਨਹੀਂ ਲੜਨਗੇ, ਬਲਕਿ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ।
ਜ਼ਿਕਰਯੋਗ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਪ੍ਰੋ. ਚੰਦੂਮਾਜਰਾ ਸਮੇਤ ਕਈ ਸੀਨੀਅਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਰੁੱਧ ਬਗਾਵਤ ਕਰਦਿਆਂ ਵੱਖਰਾ ਧੜਾ ਸ਼੍ਰੋਮਣੀ ਅਕਾਲੀ ਦਲ (ਪੁਨਰਜਨਮ) ਬਣਾ ਲਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ। ਹਾਲਾਂਕਿ, 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਨਵੇਂ ਧੜੇ ਵਿੱਚ ਵੀ ਮਤਭੇਦ ਉੱਭਰ ਕੇ ਸਾਹਮਣੇ ਆਏ। ਇਨ੍ਹਾਂ ਮਤਭੇਦਾਂ ਦੇ ਚੱਲਦਿਆਂ ਪ੍ਰੋ. ਚੰਦੂਮਾਜਰਾ ਨੇ 4 ਨਵੰਬਰ, 2026 ਨੂੰ ਅਕਾਲੀ ਦਲ (ਪੁਨਰਜਨਮ) ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਸ ਤੋਂ ਬਾਅਦ 5 ਨਵੰਬਰ ਨੂੰ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਉਸ ਧੜੇ ਨੂੰ ਅਲਵਿਦਾ ਕਹਿ ਦਿੱਤਾ ਸੀ, ਜਿਸ ਨਾਲ ਹੁਣ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਵਾਪਸੀ ਦਾ ਰਸਤਾ ਸਾਫ਼ ਹੋ ਗਿਆ।