– ਪ੍ਰੋ. ਭੁੱਲਰ ਸਮੇਤ 24 ਦੋਸ਼ੀਆਂ ਦੀ ਰਿਹਾਈ ਦੀ ਮੰਗ ਨੂੰ ਨਕਾਰਿਆ
ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)- ਦਿੱਲੀ ਦੀ ਸਜ਼ਾ ਸਮੀਖਿਆ ਬੋਰਡ (ਐੱਸ.ਆਰ.ਬੀ.) ਨੇ 1993 ਦੇ ਦਿੱਲੀ ਬੰਬ ਧਮਾਕੇ ‘ਚ ਦੋਸ਼ੀ ਠਹਿਰਾਏ ਗਏ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੀ ਅਰਜ਼ੀ ਨੂੰ ਇੱਕ ਵਾਰ ਮੁੜ ਰੱਦ ਕਰ ਦਿੱਤਾ ਹੈ। ਅਧਿਕਾਰੀਆਂ ਅਨੁਸਾਰ ਬੋਰਡ ਨੇ ਆਪਣੀ ਹਾਲੀਆ ਮੀਟਿੰਗ ਵਿਚ ਪ੍ਰੋ. ਭੁੱਲਰ ਸਮੇਤ 24 ਦੋਸ਼ੀਆਂ ਦੀ ਰਿਹਾਈ ਦੀ ਮੰਗ ਨੂੰ ਨਕਾਰ ਦਿੱਤਾ ਹੈ। ਦੱਸਣਯੋਗ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ 1993 ਵਿਚ ਹੋਏ ਇੱਕ ਧਮਾਕੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ, ਜਿਸ ਵਿਚ 9 ਲੋਕਾਂ ਦੀ ਮੌਤ ਹੋਈ ਸੀ ਤੇ 31 ਜ਼ਖਮੀ ਹੋਏ ਸਨ। ਇਸ ਹਮਲੇ ਵਿਚ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਐੱਮ.ਐੱਸ. ਬਿੱਟਾ ਵਾਲ-ਵਾਲ ਬਚ ਗਏ ਸਨ। ਪ੍ਰੋ. ਭੁੱਲਰ ਨੂੰ ਅਗਸਤ 2001 ‘ਚ ਟਾਡਾ ਅਦਾਲਤ ਵੱਲੋਂ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ 2014 ਵਿਚ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ। ਸਿਹਤ ਕਾਰਨਾਂ ਕਰਕੇ ਉਸ ਨੂੰ ਜੂਨ 2015 ਵਿਚ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕਰ ਦਿੱਤਾ ਗਿਆ ਸੀ।
ਸੂਤਰਾਂ ਅਨੁਸਾਰ, ਬੋਰਡ ਦੇ ਕੁਝ ਮੈਂਬਰਾਂ ਨੇ ਭਾਈ ਭੁੱਲਰ ਦੀ ਰਿਹਾਈ ਦਾ ਵਿਰੋਧ ਕਰਦਿਆਂ ਤਰਕ ਦਿੱਤਾ ਕਿ ਉਸ ਕਾਰਨ ਬੇਗੁਨਾਹ ਲੋਕਾਂ ਦੀ ਜਾਨ ਗਈ ਸੀ। ਇਹ ਵੀ ਕਿਹਾ ਗਿਆ ਕਿ ਅਜਿਹੇ ਸਮੇਂ ਵਿਚ ਉਸ ਨੂੰ ਰਿਹਾਅ ਕਰਨਾ, ਜਦੋਂ ਵਿਦੇਸ਼ਾਂ ਅਤੇ ਪੰਜਾਬ ਵਿਚ ਖਾਲਿਸਤਾਨੀ ਪੱਖੀ ਆਵਾਜ਼ਾਂ ਮੁੜ ਉੱਠ ਰਹੀਆਂ ਹਨ, ਅਜਿਹੇ ਅਨਸਰਾਂ ਦੇ ਮਨੋਬਲ ਨੂੰ ਵਧਾ ਸਕਦਾ ਹੈ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਈ ਭੁੱਲਰ ਸਮੇਤ ਅੱਠ ਸਿੱਖ ਕੈਦੀਆਂ ਨੂੰ ਵਿਸ਼ੇਸ਼ ਮਾਫ਼ੀ ਦੇਣ ਦੀ ਸਿਫ਼ਾਰਸ਼ ਵੀ ਕੀਤੀ ਸੀ।
ਦੂਜੇ ਪਾਸੇ, ਦਿੱਲੀ ਦੇ ਉਪ ਰਾਜਪਾਲ ਨੇ ਸਜ਼ਾ ਸਮੀਖਿਆ ਬੋਰਡ ਦੀ ਸਿਫ਼ਾਰਸ਼ ‘ਤੇ ਉਮਰ ਕੈਦ ਕੱਟ ਰਹੇ 26 ਹੋਰ ਕੈਦੀਆਂ ਦੀ ਬਾਕੀ ਸਜ਼ਾ ਮਾਫ਼ ਕਰ ਦਿੱਤੀ ਹੈ। ਇਨ੍ਹਾਂ ਵਿਚ ਇੱਕ ਨਾਈਜੀਰੀਅਨ ਨਾਗਰਿਕ ਕੇਨੇਥ ਚਿਡੀ ਓਨਿਘਾਲਾ ਵੀ ਸ਼ਾਮਲ ਹੈ, ਜਿਸ ਨੂੰ ਹੱਤਿਆ ਅਤੇ ਲੁੱਟ ਦੇ ਮਾਮਲੇ ਵਿਚ ਸਜ਼ਾ ਹੋਈ ਸੀ। ਉਸਨੂੰ ਰਿਹਾਈ ਤੋਂ ਤੁਰੰਤ ਬਾਅਦ ਉਸਦੇ ਦੇਸ਼ ਭੇਜ ਦਿੱਤਾ ਜਾਵੇਗਾ।
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਰਜ਼ੀ ਮੁੜ ਰੱਦ

