#PUNJAB

ਪੰਜਾਬ ਕਾਂਗਰਸ ‘ਚ ਅਨੁਸ਼ਾਸਨਹੀਣਤਾ ਕਾਰਨ ਮਦਨ ਲਾਲ ਜਲਾਲਪੁਰ ਨੂੰ ਪਾਰਟੀ ‘ਚੋਂ ਬਾਹਰ ਦਾ ਰਸਤਾ ਵਿਖਾਇਆ

ਜਲੰਧਰ, 10 ਜੁਲਾਈ (ਪੰਜਾਬ ਮੇਲ)- ਪੰਜਾਬ ਕਾਂਗਰਸ ਵਿਚ ਅਨੁਸ਼ਾਸਨਹੀਣਤਾ ਨੂੰ ਲੈ ਕੇ ਵੱਡੀ ਕਾਰਵਾਈ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਜਾ ਸਕਦਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਸਪੱਸ਼ਟ ਕੀਤਾ ਕਿ ਜਲਾਲਪੁਰ ਨੇ ਪਾਰਟੀ ਦਾ ਅਨੁਸ਼ਾਸਨ (ਡਸਿਪਲਨ) ਭੰਗ ਕੀਤਾ ਹੈ, ਜਿਸ ਨੂੰ ਪਾਰਟੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ। ਹਾਲਾਂਕਿ ਜਲਾਲਪੁਰ ਵੱਲੋਂ ਪਾਰਟੀ ਨੂੰ ਆਪਣਾ ਸਪੱਸ਼ਟੀਕਰਨ/ਜਵਾਬ ਭੇਜਿਆ ਗਿਆ ਸੀ ਪਰ ਪਾਰਟੀ ਹਾਈਕਮਾਂਡ ਜਲਾਲਪੁਰ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹੈ। ਹੁਣ ਪਾਰਟੀ ਨੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦਾ ਮਨ ਬਣਾ ਲਿਆ ਹੈ, ਜਿਸ ਦੇ ਚੱਲਦੇ ਉਨ੍ਹਾਂ ਨੂੰ ਪਾਰਟੀ ਵਿਚੋਂ ਬਾਹਰ ਦਾ ਰਸਤਾ ਵਿਖਾਇਆ ਜਾਵੇਗਾ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਨੇ ਕੁਝ ਦਿਨ ਪਹਿਲਾਂ ਹੀ ਘਨੌਰ ਦੇ ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਹੇਠ ਨੋਟਿਸ ਜਾਰੀ ਕੀਤਾ ਸੀ। ਇਹ ਨੋਟਿਸ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਵੱਲੋਂ ਜਾਰੀ ਕੀਤਾ ਗਿਆ ਹੈ। ਜਾਰੀ ਨੋਟਿਸ ‘ਚ ਕਿਹਾ ਗਿਆ ਸੀ ਕਿ ਮਦਨ ਲਾਲ ਜਲਾਲਪੁਰ ਵਿਰੁੱਧ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਇਕ ਸ਼ਿਕਾਇਤ ਪ੍ਰਾਪਤ ਹੋਈ ਸੀ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਸੀ ਕਿ ਜਲਾਲਪੁਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਾਰਟੀ ਹਾਈਕਮਾਂਡ, ਖਾਸ ਕਰਕੇ ਕੇ.ਸੀ. ਵੇਣੂਗੋਪਾਲ ਅਤੇ ਭੁਪੇਸ਼ ਬਘੇਲ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਪਾਰਟੀ ਕੋਲ ਇਸ ਗੱਲਬਾਤ ਦੀ ਵੀਡੀਓ ਵੀ ਮੌਜੂਦ ਹੈ। ਜਲਾਲਪੁਰ ਦੀਆਂ ਇਨ੍ਹਾਂ ਕਥਿਤ ਗਤੀਵਿਧੀਆਂ ਕਾਰਨ ਹੀ ਉਨ੍ਹਾਂ ਵਿਰੁੱਧ ਕਾਰਵਾਈ ਹੋਣ ਜਾ ਰਹੀ ਹੈ।