-7 ਜ਼ਿਲ੍ਹਿਆਂ ਨੂੰ ਲਿਆ ਆਪਣੀ ਲਪੇਟ ‘ਚ
ਚੰਡੀਗੜ੍ਹ, 27 ਅਗਸਤ (ਪੰਜਾਬ ਮੇਲ)- ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੀ ਮੀਂਹ ਕਰਕੇ ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਪੰਜਾਬ ਵਿਚ ਰਾਵੀ ਅਤੇ ਬਿਆਸ ਦੇ ਨਾਲ ਨਾਲ ਸਤਲੁਜ ਦਰਿਆ ਵਿਚ ਪਾਣੀ ਚੜ੍ਹਿਆ ਹੋਇਆ ਹੈ, ਜਿਸ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ, ਜਦੋਂ ਕਿ ਹੋਰਨਾਂ ‘ਤੇ ਸੰਕਟ ਬਣਿਆ ਹੋਇਆ ਹੈ।
ਪੰਜਾਬ ਵਿਚ ਹੜ੍ਹਾਂ ਕਰਕੇ ਸੱਤ ਜ਼ਿਲ੍ਹਿਆਂ ਵਿਚ ਸੈਂਕੜੇ ਪਿੰਡਾਂ ਦੇ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ, ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ। ਇਸ ਤੋਂ ਇਲਾਵਾ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਵੀ ਪਾਣੀ ਵਿਚ ਡੁੱਬ ਗਈ ਹੈ। ਸੂਬਾ ਸਰਕਾਰ ਵੱਲੋਂ ਦਰਿਆਵਾਂ ਦੇ ਕੰਢੇ ‘ਤੇ ਵਸੇ ਪਿੰਡਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਬੁੱਧਵਾਰ ਨੂੰ ਹੋਰ ਵੀ ਵਿਗੜ ਗਈ, ਰਾਵੀ ਦਰਿਆ ਓਵਰਫਲੋ ਹੋ ਗਿਆ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਕਈ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਅਜਨਾਲਾ ਦੇ ਵੀ ਕਈ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਰਣਜੀਤ ਸਾਗਰ ਡੈਮ ਵਿਚ ਪਾਣੀ ਦਾ ਪੱਧਰ 527.91 ਮੀਟਰ ਦੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਇਸ ਲਈ ਡੈਮ ਤੋਂ ਪਾਣੀ ਛੱਡਣ ਦਾ ਸਿਲਸਿਲਾ ਲਗਾਤਾਰ ਜਾਰੀ ਰੈ। ਬੀਤੇ ਦਿਨੀਂ ਡੈਮ ਤੋਂ 1.95 ਲੱਖ ਕਿਊਸਿਕ ਪਾਣੀ ਛੱਡਿਆ ਗਿਆ ਸੀ। ਇਸ ਤੋਂ ਇਲਾਵਾ ਪੰਜਾਬ ਵਿਚ ਸਥਿਤ ਭਾਖੜਾ ਅਤੇ ਪੌਂਗ ਡੈਮ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਮੇਂ ਪੰਜਾਬ ਵਿਚ ਹੁਸ਼ਿਆਰਪੁਰ, ਕਪੂਰਥਲਾ, ਤਰਨ ਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿਚ ਵੀ ਹੜ੍ਹ ਦੀ ਸਥਿਤੀ ਗੰਭੀਰ ਬਣੀ ਹੋਈ ਹੈ।
ਉਧਰ ਭਾਰਤੀ ਫੌਜ ਦੇ ਇਕ ਹੈਲੀਕਾਪਟਰ ਨੇ ਬੁੱਧਵਾਰ ਸਵੇਰੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡ ਤੋਂ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐੱਫ.) ਦੇ 22 ਜਵਾਨਾਂ ਅਤੇ ਤਿੰਨ ਆਮ ਨਾਗਰਿਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਹੈ। ਰੱਖਿਆ ਬੁਲਾਰੇ ਨੇ ਦੱਸਿਆ ਕਿ ਸੀ.ਆਰ.ਪੀ.ਐੱਫ. ਦੇ ਜਵਾਨਾਂ ਅਤੇ ਨਾਗਰਿਕਾਂ ਨੇ ਇੱਕ ਇਮਾਰਤ ਵਿਚ ਪਨਾਹ ਲਈ ਹੋਈ ਸੀ ਪਰ ਉਨ੍ਹਾਂ ਨੂੰ ਉਥੋਂ ਸੁਰੱਖਿਅਤ ਕੱਢਣ ਮਗਰੋਂ ਕੁਝ ਦੇਰ ਬਾਅਦ ਇਮਾਰਤ ਢਹਿ ਗਈ।
ਪੰਜਾਬ ਦੇ ਕਈ ਹਿੱਸਿਆਂ ਵਿਚ ਲਗਾਤਾਰ ਭਾਰੀ ਮੀਂਹ ਕਰਕੇ ਕਈ ਇਲਾਕਿਆਂ ਵਿਚ ਅਚਾਨਕ ਹੜ੍ਹ ਆ ਗਏ। ਉਧਰ ਮੀਂਹ ਕਰਕੇ ਸਤਲੁਜ, ਬਿਆਸ ਤੇ ਰਾਵੀ ਦਰਿਆ ਤੇ ਛੋਟੇ ਨਦੀ ਨਾਲਿਆਂ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਤੇ ਵਹਿ ਰਿਹਾ ਹੈ।
ਪੰਜਾਬ ‘ਚ ਹੜ੍ਹਾਂ ਦਾ ਕਹਿਰ; ਹਜ਼ਾਰਾਂ ਲੋਕ ਬੇਘਰ
