#PUNJAB

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਪੈ ਰਿਹਾ ਭਾਰੀ ਮੀਂਹ, ਵਧੇਗੀ ਠੰਡ

ਜਲੰਧਰ, 23 ਜਨਵਰੀ (ਪੰਜਾਬ ਮੇਲ)- ਪੰਜਾਬ ਵਿੱਚ ਇਕ ਪਾਸੇ ਜਿਥੇ ਕੜਾਕੇ ਦੀ ਠੰਡ ਪੈ ਰਹੀ ਹੈ, ਉਥੇ ਹੀ ਦੂਜੇ ਪਾਸੇ ਅੱਜ ਪੰਜਾਬ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਸੀਤ ਲਹਿਰ ਦੇ ਨਾਲ-ਨਾਲ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਬਹੁਤ ਸਾਰੇ ਜ਼ਿਲ੍ਹਿਆਂ ਵਿਚ ਮੀਂਹ ਰਾਤ ਦੇ ਸਮੇਂ ਸ਼ੁਰੂ ਹੋ ਗਿਆ ਸੀ ਪਰ ਸਵੇਰੇ ਤੜਕੇ ਤੋਂ ਪੈ ਰਹੇ ਮੀਂਹ ਕਾਰਨ ਠੰਡ ਹੋਰ ਵੱਧ ਗਈ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਵਲੋਂ ਭਾਰੀ ਮੀਂਹ ਨੂੰ ਲੈ ਕੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਤੜਕੇ ਤੋਂ ਪੈ ਰਹੇ ਭਾਰੀ ਮੀਂਹ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਪੰਜਾਬ ਵਿਚ ਠੰਡ ਹੋਰ ਜ਼ਿਆਦਾ ਵੱਧ ਸਕਦੀ ਹੈ। ਮੀਂਹ ਦੇ ਨਾਲ-ਨਾਲ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ, ਜਿਸ ਨੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਲਈ ਮਜ਼ਬੂਰ ਕਰ ਦਿੱਤਾ। ਇਸ ਸਮੇਂ ਜਲੰਧਰ, ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਰੋਪੜ, ਫਰੀਦਕੋਟ ਸੰਗਰੂਰ, ਫਿਰੋਜ਼ਪੁਰ, ਕਪੂਰਥਲਾ ਆਦਿ ਥਾਵਾਂ ‘ਤੇ ਭਾਰੀ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਕਰਨਾਲ, ਹਰਿਆਣਾ, ਦਿੱਲੀ ਵਿਚ ਵੀ ਮੀਂਹ ਪੈ ਰਿਹਾ ਹੈ।