ਚੰਡੀਗੜ੍ਹ, 28 ਜੁਲਾਈ (ਪੰਜਾਬ ਮੇਲ)- ਪੰਜਾਬ ਪੁਲੀਸ ਨੇ ਅੱਜ ਇਕ ਕੌਮਾਂਤਰੀ ਡਰੱਗ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ’ਚੋਂ 1 ਕਰੋੜ ਰੁਪਏ ਤੋਂ ਵੱਧ ਦੀ ਨਗ਼ਦੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਵਿਦੇਸ਼ ਬੈਠੇ ਦੋ ਨਸ਼ਾ ਤਸਕਰਾਂ ਲਈ ਕੰਮ ਕਰਦੇ ਸਨ। ਯਾਦਵ ਨੇ ਐਕਸ ’ਤੇ ਇਹ ਜਾਣਕਾਰੀ ਸਾਂਝੀ ਕਰਦਿਆਂ ਕਾਬੂ ਕੀਤੇ ਨਸ਼ਾ ਤਸਕਰਾਂ ਦੀ ਪਛਾਣ ਗੁਰਜੰਟ ਸਿੰਘ ਭੋਲੂ ਤੇ ਕਿੰਦਰਬੀਰ ਸਿੰਘ ਉਰਫ਼ ਸੰਨੀ ਦਿਆਲ ਵਜੋਂ ਦੱਸੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਸੈੱਲ ਨੇ ਕਾਬੂ ਕੀਤੇ ਦੋਵਾਂ ਨਸ਼ਾ ਤਸਕਰਾਂ ਤੇ ਉਨ੍ਹਾਂ ਦੇ ਵਿਦੇਸ਼ ਬੈਠੇ ਆਕਾਵਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਕੋਲੋਂ 1.07 ਕਰੋੜ ਰੁਪਏ ਦੀ ਡਰੱਗ ਮਨੀ, ਨੋਟ ਗਿਣਨ ਵਾਲੀ ਮਸ਼ੀਨ, ਇਕ ਕਾਰ ਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ।