#PUNJAB

ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ

323 ਬੈਂਚਾਂ ਅੱਗੇ ਲੱਗਭਗ 2.31 ਲੱਖ ਕੇਸ ਸੁਣਵਾਈ ਲਈ ਹੋਏ ਪੇਸ਼
ਚੰਡੀਗੜ੍ਹ, 13 ਮਈ (ਪੰਜਾਬ ਮੇਲ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਐਮ. ਐਸ. ਰਾਮਚੰਦਰ ਰਾਓ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ।
ਇਸ ਕੌਮੀ ਲੋਕ ਅਦਾਲਤ ਵਿੱਚ ਕੁੱਲ 323  ਬੈਂਚਾਂ ਵਿੱਚ ਲੱਗਭਗ 2,31,456  ਕੇਸ ਸੁਣਵਾਈ ਲਈ ਪੇਸ਼ ਹੋਏ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਮਜ਼ਦੂਰੀ ਸਬੰਧੀ ਮਾਮਲੇ, ਕ੍ਰਿਮੀਨਲ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਕੈਂਸਲੇਸ਼ਨ/ਅਣਟ੍ਰੇਸਡ ਰਿਪੋਰਟਾਂ ਆਦਿ ਨਾਲ ਸਬੰਧਤ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ।
ਇਸ ਮੌਕੇ  ਸ੍ਰੀਮਤੀ ਸਮ੍ਰਿਤੀ ਧੀਰ,ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ-ਐਡੀਸ਼ਨਲ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ  ਜਨਤਾ ਨੂੰ ਲੋਕ ਅਦਾਲਤਾਂ ਰਾਹੀਂ ਝਗੜੇ ਨਿਪਟਾਉਣ ਲਈ ਅਪੀਲ ਕੀਤੀ।
ਇਸ ਮੌਕੇ ਤੇ ਮੈਂਬਰ ਸਕੱਤਰ ਜੀ ਵੱਲੋਂ ਦੱਸਿਆ ਗਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।
ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰ: 1968 ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਟੋਲ ਫਰੀ ਨੰਬਰ ਆਮ ਜਨਤਾ ਲਈ 24 ਘੰਟੇ ਉਪਲੱਬਧ ਹੈ।

Leave a comment