#PUNJAB

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਦੀ ਟੀਮ ਕਰੇਗੀ ਪੰਜਾਬ ਦਾ ਦੌਰਾ

ਚੰਡੀਗੜ੍ਹ, 17 ਅਕਤੂਬਰ (ਪੰਜਾਬ ਮੇਲ)- ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਤਾ ਲੱਗਾ ਹੈ ਕਿ ਕਮਿਸ਼ਨ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਟੀਮ 27 ਅਤੇ 28 ਅਕਤੂਬਰ ਨੂੰ ਪੰਜਾਬ ਦੇ ਦੋ ਰੋਜ਼ਾ ਦੌਰੇ ‘ਤੇ ਆ ਰਹੀ ਹੈ। ਇਸ ਦੌਰੇ ਦੌਰਾਨ ਟੀਮ ਚੋਣਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਵੇਗੀ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਗੱਲਬਾਤ ਕਰੇਗੀ। ਸੂਤਰ ਦੱਸਦੇ ਹਨ ਕਿ ਇਸ ਦੌਰੇ ਦਾ ਮੁੱਖ ਮਕਸਦ ਚੋਣਾਂ ਨੂੰ ਨਿਰਪੱਖ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੂਬੇ ਵਿਚ ਪ੍ਰਬੰਧਾਂ ਦੀ ਸਮੀਖਿਆ ਕਰਨਾ ਹੈ।
ਇਹ ਵੀ ਪਤਾ ਲੱਗਾ ਹੈ ਕਿ ਟੀਮ ਵੱਲੋਂ ਸਿਆਸੀ ਪਾਰਟੀਆਂ ਤੋਂ ਚੋਣ ਪ੍ਰਬੰਧਾਂ ਬਾਰੇ ਸੁਝਾਅ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਤਿਉਹਾਰਾਂ, ਮੌਸਮ ਅਤੇ ਹੋਰ ਸਥਾਨਕ ਹਾਲਾਤ ਨੂੰ ਧਿਆਨ ਵਿਚ ਰੱਖਦਿਆਂ ਚੋਣਾਂ ਦੀਆਂ ਤਿਆਰੀਆਂ ਦਾ ਮੁਲਾਂਕਣ ਕੀਤਾ ਜਾਵੇਗਾ। ਇਸ ਦੌਰਾ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਚੋਣਾਂ ਨੂੰ ਹੁਣ ਉਂਗਲਾਂ ਉਪਰ ਗਿਣਤੀ ਦੇ ਮਹੀਨੇ ਬਾਕੀ ਬਚੇ ਹਨ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਜੇ ਸਭ ਕੁਝ ਠੀਕ ਰਿਹਾ, ਤਾਂ 15 ਦਸੰਬਰ ਤੋਂ ਬਾਅਦ ਕਿਸੇ ਸਮੇਂ ਵੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਜਿਸ ਦੇ ਤਹਿਤ ਫਰਵਰੀ ਮਹੀਨੇ ਵਿਚ ਵੋਟਾਂ ਕਰਵਾਈਆਂ ਜਾ ਸਕਦੀਆਂ ਹਨ।