ਡੀਗੜ੍ਹ, 3 ਮਾਰਚ
ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਭਾਸ਼ਨ ਸ਼ੁਰੂ ਹੁੰਦਿਆਂ ਹੰਗਾਮਾ ਸ਼ੁਰੂ ਹੋ ਗਿਆ। ਇਹ ਹੰਗਾਮਾ ਉਦੋਂ ਹੋਇਆ ਜਦੋਂ ਰਾਜਪਾਲ ਨੇ ਭਾਸ਼ਨ ਦੌਰਾਨ ‘ਮੇਰੀ ਸਰਕਾਰ’ ਕਿਹਾ। ਇਸ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਨੂੰ ਕਿਹਾ ਕਿ ਸਰਕਾਰ ਜਦੋਂ ਤੁਹਾਡਾ ਸਤਿਕਾਰ ਨਹੀਂ ਕਰਦੀ ਤਾਂ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰਨ ਸ਼ੋਭਾ ਨਹੀਂ ਦਿੰਦਾ। ਇਸ ਤੋਂ ਬਾਅਦ ਰਾਜਪਾਲ ਆਪਣੇ ਭਾਸ਼ਨ ਵਿਚ ‘ਮੇਰੀ ਸਰਕਾਰ’ ਦੀ ਥਾਂ ਕੇਵਲ ‘ਸਰਕਾਰ’ ਸ਼ਬਦ ਦੀ ਵਰਤੋਂ ਕਰਨ ਲੱਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਜਦੋਂ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਰਾਜਪਾਲ ਨੂੰ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਰਾਜਪਾਲ ਨੇ ਫਿਰ ਤੋਂ ਆਪਣੇ ਭਾਸ਼ਨ ਵਿਚ ‘ਮੇਰੀ ਸਰਕਾਰ’ ਸ਼ਬਦ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਨਾਰਾਜ਼ ਕਾਂਗਰਸ ਦੇ ਵਿਧਾਇਕਾਂ ਨੇ ਸਦਨ ‘ਚੋਂ ਵਾਕਆਊਟ ਕਰ ਦਿੱਤਾ।