ਸਰਕਾਰੀ ਸੰਪਤੀ ਦੀ ਸ਼ਨਾਖ਼ਤ ਸ਼ੁਰੂ
ਚੰਡੀਗੜ੍ਹ, 9 ਅਕਤੂਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਸੂਬੇ ਨੂੰ ਦਰਪੇਸ਼ ਵਿੱਤੀ ਸੰਕਟ ਦੇ ਮੱਦੇਨਜ਼ਰ ਮੁੱਢਲੇ ਪੜਾਅ ‘ਤੇ ਜ਼ਿਲ੍ਹਾ ਲੁਧਿਆਣਾ ਅਤੇ ਪਟਿਆਲਾ ‘ਚ ਸਰਕਾਰੀ ਸੰਪਤੀਆਂ ਨੂੰ ਵੇਚਣ ਲਈ ਸ਼ਨਾਖ਼ਤੀ ਪ੍ਰਕਿਰਿਆ ਵਿੱਢ ਦਿੱਤੀ ਹੈ। ਇਸ ਸਬੰਧੀ ਪਹਿਲੀ ਅਕਤੂਬਰ ਨੂੰ ਮੀਟਿੰਗ ਵੀ ਹੋ ਚੁੱਕੀ ਹੈ, ਜਿਸ ‘ਚ ਦੋਵੇਂ ਜ਼ਿਲ੍ਹਿਆਂ ‘ਚ ਪਈਆਂ ਸਰਕਾਰੀ ਸੰਪਤੀਆਂ ਬਾਰੇ ਚਰਚਾ ਹੋਈ ਹੈ ਜੋ ਅੱਧੀ ਦਰਜਨ ਵਿਭਾਗਾਂ ਨਾਲ ਸਬੰਧਤ ਹਨ। ਇਨ੍ਹਾਂ ਦਾ ਸਰਵੇ ਵੀ 10 ਅਕਤੂਬਰ ਤੱਕ ਮੁਕੰਮਲ ਕਰਨ ਲਈ ਕਿਹਾ ਗਿਆ ਹੈ।
ਇਥੇ ਪੰਜਾਬ ਭਵਨ ‘ਚ ਪਹਿਲੀ ਅਕਤੂਬਰ ਨੂੰ ਪਟਿਆਲਾ ਜ਼ਿਲ੍ਹੇ ਦੀ ਸੰਪਤੀ ਬਾਰੇ ਹੋਈ ਮੀਟਿੰਗ ਦੀ ਪ੍ਰਧਾਨਗੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਜਦਕਿ ਲੁਧਿਆਣਾ ਜ਼ਿਲ੍ਹੇ ਵਿਚਲੀ ਮੀਟਿੰਗ ਦੀ ਅਗਵਾਈ ਉਦਯੋਗ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕੀਤੀ। ਮੁੱਖ ਫੋਕਸ ਇਨ੍ਹਾਂ ਮੀਟਿੰਗਾਂ ‘ਚ ਇਹੋ ਰਿਹਾ ਕਿ ਖ਼ਾਲੀ ਪਈਆਂ ਸਰਕਾਰੀ ਸੰਪਤੀਆਂ ਨੂੰ ਵਰਤੋਂ ਵਿਚ ਲਿਆਂਦਾ ਜਾਵੇ ਅਤੇ ਸ਼ਹਿਰਾਂ ਦੀ ਦਿੱਖ ਸੁਧਾਰੀ ਜਾਵੇ ਪਰ ਨਾਲੋ-ਨਾਲ ਸੰਪਤੀਆਂ ਦਾ ਸਰਵੇ ਕਰਨ ਦੇ ਜ਼ੁਬਾਨੀ ਹੁਕਮ ਵੀ ਕੀਤੇ ਗਏ।
ਇਨ੍ਹਾਂ ਮੀਟਿੰਗਾਂ ‘ਚ ‘ਪੰਜਾਬ ਵਿਕਾਸ ਕਮਿਸ਼ਨ’ ਦੇ ਅਧਿਕਾਰੀਆਂ ਤੋਂ ਇਲਾਵਾ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਸ਼ਾਮਲ ਹੋਏ। ਸੂਤਰਾਂ ਅਨੁਸਾਰ ਪਟਿਆਲਾ ਦੇ ਪੁਰਾਣੇ ਬੱਸ ਅੱਡੇ ਦੀ ਜ਼ਮੀਨ ਦੀ ਵੀ ਚਰਚਾ ਹੋਈ ਹੈ। ਪਟਿਆਲਾ ਜ਼ਿਲ੍ਹੇ ‘ਚ ਪਾਵਰਕੌਮ ਦੀ 23 ਨੰਬਰ ਫਾਟਕ ਵਾਲੀ ਸੰਪਤੀ ‘ਤੇ ਵੀ ਸਰਕਾਰ ਦੀ ਅੱਖ ਹੈ ਅਤੇ ਕਰੀਬ 55 ਏਕੜ ਜ਼ਮੀਨ ਦਾ ਨਿਬੇੜਾ ਚਾਹੁੰਦੀ ਹੈ। ਪ੍ਰਾਈਵੇਟ ਕੰਪਨੀ ਹੁਣ ਇਸ ਦਾ ਸਰਵੇ ਕਰ ਰਹੀ ਹੈ। ਪਾਵਰਕੌਮ ਦਾ ਪਟਿਆਲਾ ‘ਚ 12 ਏਕੜ ਵਿਚ ਸਪੋਰਟਸ ਸਟੇਡੀਅਮ ਹੈ ਜਿਸ ਦਾ ਖੇਤਰ ਛੋਟਾ ਕੀਤੇ ਜਾਣ ਦੀ ਵਿਉਂਤ ਹੈ ਅਤੇ ਪਾਵਰਕੌਮ ਦੇ ਫਲੈਟਾਂ ਅਤੇ ਹੋਰ 10 ਏਕੜ ਜ਼ਮੀਨ ਵੀ ਨਿਸ਼ਾਨੇ ‘ਤੇ ਹੈ। ਲੁਧਿਆਣਾ ਜ਼ਿਲ੍ਹੇ ‘ਚ ਪਾਵਰਕੌਮ ਦੀਆਂ ਕਰੀਬ 40 ਸੰਪਤੀਆਂ ਸ਼ਨਾਖ਼ਤ ਹੋਈਆਂ ਹਨ ਜਿਨ੍ਹਾਂ ਵਿਚੋਂ ਅੱਧੀ ਦਰਜਨ ਸੰਪਤੀਆਂ ਨੂੰ ਸਰਕਾਰ ਵੇਚਣ ਦੀ ਇੱਛੁਕ ਹੈ। ਜੀ. ਟੀ. ਲੁਧਿਆਣਾ ‘ਤੇ ਪਾਵਰਕੌਮ ਦੀ 13 ਏਕੜ ਜ਼ਮੀਨ ਅਤੇ ਸਰਾਭਾ ਨਗਰ ਦੀ ਪਾਵਰ ਕਾਲੋਨੀ ਦੀ ਕਰੀਬ 11 ਏਕੜ ਜਗ੍ਹਾ ਵੀ ਇਸ ‘ਚ ਸ਼ਾਮਲ ਹੈ। ਇਨ੍ਹਾਂ ਥਾਵਾਂ ਦਾ ਹੁਣ ਸਰਵੇ ਚੱਲ ਰਿਹਾ ਹੈ। ਲੁਧਿਆਣਾ ਦੇ ਵਿਵਾਦਿਤ ਸਿਟੀ ਸੈਂਟਰ ‘ਤੇ ਵੀ ਚਰਚਾ ਹੋਈ ਹੈ ਕਿ ਉਸ ਨੂੰ ਵੀ ਕਿਸੇ ਤਣ-ਪੱਤਣ ਲਾਇਆ ਜਾਵੇ। ਸੂਤਰ ਦੱਸਦੇ ਹਨ ਕਿ ਪੰਜਾਬ ਸਰਕਾਰ ਨੇ ਪੰਜਾਬ ਖੇਤੀ ‘ਵਰਸਿਟੀ ਦੇ ਸੀਡ ਫਾਰਮ ਵਾਲੀ ਜ਼ਮੀਨ ‘ਤੇ ਵੀ ਅੱਖ ਰੱਖੀ ਹੋਈ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਪੁਰਾਣੀ ਸੰਪਤੀ ਜੋ ਵਿਕ ਨਹੀਂ ਰਹੀ ਸੀ, ਉਸ ਦੇ ਮੁੜ ਰੇਟ ਘਟਾ ਕੇ ਵੇਚਣ ਲਈ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਸੂਤਰ ਆਖਦੇ ਹਨ ਕਿ ਸਿਰਫ਼ ਖੰਡਰ ਹੋ ਰਹੀ ਸੰਪਤੀ ਹੀ ਸ਼ਨਾਖ਼ਤ ਕੀਤੀ ਜਾ ਰਹੀ ਹੈ।
ਪੰਜਾਬ ਸਰਕਾਰ ਸਰਕਾਰੀ ਜਾਇਦਾਦਾਂ ਨੂੰ ਵੇਚਣ ਦੇ ਰੌਂਅ ‘ਚ
