ਇਸਲਾਮਾਬਾਦ, 5 ਜੂਨ (ਪੰਜਾਬ ਮੇਲ)- ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਆਸਿਫ਼ ਨੇ ਅੱਜ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਫ਼ੌਜੀ ਅਦਾਲਤ ਵਿਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਇਮਰਾਨ ’ਤੇ 9 ਮਈ ਨੂੰ ਹੋਈ ਹਿੰਸਾ ਵਿਚ ਸ਼ਮੂਲੀਅਤ ਦੇ ਦੋਸ਼ ਲੱਗੇ ਸਨ। ਇਸ ਹਿੰਸਾ ਵਿਚ ਫ਼ੌਜ ਤੇ ਸਰਕਾਰ ਦੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਉਨ੍ਹਾਂ ਦੇ ਸਮਰਥਕਾਂ ਨੇ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਸਨ। ਆਸਿਫ਼ ਨੇ ਕਿਹਾ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਇਮਰਾਨ ਦੀ ਹਿੰਸਾ ’ਚ ਸ਼ਮੂਲੀਅਤ ਬਾਰੇ ਕੋਈ ਸਬੂਤ ਸਾਹਮਣੇ ਆਉਂਦਾ ਹੈ ਤਾਂ ਉਨ੍ਹਾਂ ’ਤੇ ਫ਼ੌਜੀ ਅਦਾਲਤ ਵਿਚ ਮੁਕੱਦਮਾ ਚਲਾਇਆ ਜਾ ਸਕਦਾ ਹੈ। ਉਨ੍ਹਾਂ ਨਾਲ ਹੀ ਪੁਸ਼ਟੀ ਕੀਤੀ ਕਿ ਹਾਲੇ ਤੱਕ 9 ਮਈ ਦੇ ਹਮਲਿਆਂ ਨਾਲ ਸਬੰਧਤ ਇਮਰਾਨ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।