#PUNJAB

ਬੇਅਦਬੀ ਮਾਮਲੇ ‘ਚ ਸਿਟ ਵੱਲੋਂ ਭਾਜਪਾ ਆਗੂ ਵਿਜੈ ਸਾਂਪਲਾ ਨੂੰ ਮੁੜ ਨੋਟਿਸ

ਫਗਵਾੜਾ, 7 ਜੁਲਾਈ (ਪੰਜਾਬ ਮੇਲ)- ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਵਿਜੈ ਸਾਂਪਲਾ ਨੂੰ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਮੁੜ ਨੋਟਿਸ ਜਾਰੀ ਕੀਤਾ ਹੈ।
ਇਸ ਸਬੰਧੀ ਸਾਂਪਲਾ ਨੇ ਕਿਹਾ ਕਿ ਪੁਲਿਸ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਹਾਲੇ ਤੱਕ ਉਹ ਦਸਤਾਵੇਜ਼ ਮੁਹੱਈਆ ਨਹੀਂ ਕਰਵਾਏ ਗਏ, ਜਿਨ੍ਹਾਂ ਦੇ ਆਧਾਰ ‘ਤੇ ਉਨ੍ਹਾਂ ਕੋਲੋਂ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਢੁੱਕਵੇਂ ਦਸਤਾਵੇਜ਼ ਦਿੱਤੇ ਬਿਨਾਂ ਕਿਸੇ ਨਾਗਰਿਕ ਨੂੰ ਵਾਰ-ਵਾਰ ਤਲਬ ਕਰਨਾ ਕਾਨੂੰਨੀ ਪ੍ਰਕਿਰਿਆ ਦੇ ਉਲਟ ਹੈ। ਉਨ੍ਹਾਂ ਸਿਟ ਨੂੰ ਲਿਖਤੀ ਰੂਪ ਵਿਚ ਸੂਚਿਤ ਕੀਤਾ ਕਿ ਨਿੱਜੀ ਰੁਝਾਨਾਂ ਕਾਰਨ ਉਹ 6 ਜੁਲਾਈ ਨੂੰ ਪੇਸ਼ ਨਹੀਂ ਹੋ ਸਕਣਗੇ, ਪਰ 7 ਜੁਲਾਈ ਨੂੰ ਉਹ ਪੇਸ਼ ਹੋ ਕੇ ਜਾਂਚ ਵਿਚ ਪੂਰਾ ਸਹਿਯੋਗ ਦੇਣਗੇ। ਸਾਂਪਲਾ ਨੇ ਦੋਸ਼ ਲਾਇਆ ਕਿ ਪੰਜਾਬ ਦੀ ‘ਆਪ’ ਸਰਕਾਰ ਰਾਜਨੀਤਿਕ ਬਦਲੇ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਅਕਾਲ ਤਖ਼ਤ ਵੱਲੋਂ ਮੁੱਖ ਮੰਤਰੀ ਸਬੰਧੀ ਦਿੱਤੇ ਗਏ ਫ਼ੈਸਲੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕਾਨੂੰਨ ਬਾਰੇ ਹੋਈ ਆਲੋਚਨਾ ਤੋਂ ਬਾਅਦ ਸਰਕਾਰ ਘਬਰਾ ਗਈ ਹੈ। ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਜਪਾ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ੇ, ਬੇਰੁਜ਼ਗਾਰੀ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਵਰਗੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ, ਪਰ ਰਾਜ ਸਰਕਾਰ ਲੋਕ ਮੁੱਦਿਆਂ ਦੀ ਬਜਾਏ ਸਿਆਸੀ ਏਜੰਡਾ ਚਲਾ ਰਹੀ ਹੈ।