ਅੰਮ੍ਰਿਤਸਰ, 15 ਜੂਨ (ਪੰਜਾਬ ਮੇਲ)- ਬੇਅਦਬੀ ਐਕਟ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਦੀ ਗਈ ਸਿੱਖ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿੱਚ ਵੱਡੇ ਪੱਧਰ ’ਤੇ ਐਕਟ ਵਿਚਲੀਆਂ ਇਤਰਾਜ਼ਯੋਗ ਮੱਦਾਂ ਬਾਰੇ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਹੈ ਅਤੇ ਇਸ ਨੂੰ ਰੱਦ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਵਾਸਤੇ ਸੰਘਰਸ਼ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ।
ਇਸ ਮੀਟਿੰਗ ਵਿੱਚ ਬਣੀ ਸਹਿਮਤੀ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਅੱਜ ਹੀ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਵਿੱਚ ਬੇਅਦਬੀ ਐਕਟ ਤੋਂ ਇਲਾਵਾ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਵੀਡੀਓ ’ਤੇ ਵੀ ਚਰਚਾ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸ਼੍ਰੋਮਣੀ ਅਕਾਲੀ ਦਲਾਂ ਦੇ ਨੁਮਾਇੰਦੇ ਵੀ ਹਾਜ਼ਰ ਹਨ।
ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਜਥੇਬੰਦੀਆਂ ਵੀ ਚੱਲ ਰਹੀ ਮੀਟਿੰਗ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦੱਸਿਆ ਗਿਆ ਹੈ ਕਿ ਭਗਵੰਤ ਮਾਨ ਦੀ ਇਤਰਾਜਯੋਗ ਵੀਡੀਓ ਬਾਰੇ ਦੋ ਨਾਮੀ ਫਰੈਂਸਿਕ ਲੈਬ ਤੋਂ ਜਾਂਚ ਕਰਵਾਈ ਗਈ ਹੈ। ਜਿਸ ਦੀ ਰਿਪੋਰਟ ਵਿੱਚ ਇਹ ਵੀਡੀਓ ਠੀਕ ਪਾਈ ਗਈ ਹੈ ਅਤੇ ਦੱਸਿਆ ਗਿਆ ਹੈ ਕਿ ਇਸ ਨਾਲ ਕੋਈ ਏਆਈ ਛੇੜਛਾੜ ਨਹੀਂ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਇੱਥੇ ਮੀਟਿੰਗ ਦੇ ਵਿੱਚ ਕਾਫੀ ਸਖ਼ਤ ਇਤਰਾਜ਼ ਪ੍ਰਗਟਾਇਆ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

