ਚੰਡੀਗੜ੍ਹ, 1 ਜੂਨ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ‘ਚ ਕੀਤੇ ਫ਼ੇਰਬਦਲ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਝਟਕਾ ਦੇ ਦਿੱਤਾ ਹੈ। ਭਗਵੰਤ ਮਾਨ ਸਰਕਾਰ ਵੱਲੋਂ ਕੁਲਦੀਪ ਸਿੰਘ ਧਾਲੀਵਾਲ ਕੋਲੋਂ ਦੋ ਅਹਿਮ ਵਿਭਾਗ ਪੇਂਡੂ ਵਿਕਾਸ ਤੇ ਪੰਚਾਇਤ ਤੇ ਖੇਤੀਬਾੜੀ ਵਾਪਸ ਲੈ ਲਏ ਹਨ। ਉਨ੍ਹਾਂ ਨੂੰ ਹੁਣ ਐਨਆਰਆਈ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਦੇ ਵਿਸਥਾਰ ਮਗਰੋਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਹਾਸਲ ਜਾਣਕਾਰੀ ਅਨੁਸਾਰ ਨਵੇਂ ਬਣੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦਿੱਤਾ ਗਿਆ ਹੈ। ਪਹਿਲਾਂ ਇਹ ਵਿਭਾਗ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ। ਇਸ ਤੋਂ ਇਲਾਵਾ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਨੂੰ ਐਨਆਰਆਈ ਮਾਮਲੇ ਤੇ ਪ੍ਰਬੰਧਕੀ ਸੁਧਾਰ, ਗੁਰਮੀਤ ਸਿੰਘ ਮੀਤ ਹੇਅਰ ਨੂੰ ਜਲ ਸਰੋਤ ਵਿਭਾਗ ਸੌਂਪਿਆ ਗਿਆ ਹੈ। ਇਸ ਦੇ ਇਲਾਵਾ ਲਾਲਜੀਤ ਸਿੰਘ ਭੁੱਲਰ ਨੂੰ ਟ੍ਰਾਂਸਪੋਰਟ ਦੇ ਨਾਲ ਪੰਚਾਇਤੀ ਵਿਭਾਗ ਦਿੱਤਾ ਗਿਆ ਹੈ।