ਮਨਾਲੀ, 6 ਜੂਨ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿਚ ਵਿਦੇਸ਼ੀ ਮਹਿਲਾ ਸੈਲਾਨੀ (ਟੂਰਿਸਟ) ਨਾਲ ਕਥਿਤ ਛੇੜਛਾੜ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਘਟਨਾ ਸੂਬੇ ਦੇ ਕੁੱਲੂ ਜ਼ਿਲ੍ਹੇ ਦੇ ਮਨਾਲੀ ਖੇਤਰ ਦੀ ਦੱਸੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਘਟਨਾ ਤਿੰਨ ਜੂਨ ਦੀ ਹੈ, ਜਿਸ ਦੀ ਵੀਡੀਓ ਸੀ.ਸੀ.ਟੀ.ਵੀ. ਵਿਚ ਰਿਕਾਰਡ ਹੋ ਗਈ ਸੀ।
ਵੀਡੀਓ ਵਿਚ ਇੱਕ ਨੌਜਵਾਨ ਸੜਕ ‘ਤੇ ਜਾ ਰਹੀ ਇੱਕ ਵਿਦੇਸ਼ੀ ਮਹਿਲਾ ਪ੍ਰਤੀ ਕਥਿਤ ਤੌਰ ‘ਤੇ ਇਤਰਾਜ਼ਯੋਗ ਹਰਕਤਾਂ ਕਰਦਾ ਦਿਖਾਈ ਦੇ ਰਿਹਾ ਹੈ। ਵੀਡੀਓ ਵਿਚ ਦਿਖਾਈ ਦੇ ਰਹੀ ਜਗ੍ਹਾ ਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਇਸ ਘਟਨਾ ਦੇ ਸਬੰਧ ਵਿਚ ਹੁਣ ਤੱਕ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਹੈ।
ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਪ ਮੰਡਲ ਮੈਜਿਸਟ੍ਰੇਟ (ਐੱਸ.ਡੀ.ਐੱਮ.) ਗੁਨਜੀਤ ਸਿੰਘ ਚੀਮਾ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦਾ ਅਕਸ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਮਨਾਲੀ ਦੇ ਪੁਲਿਸ ਉਪ ਕਪਤਾਨ (ਡੀ.ਐੱਸ.ਪੀ.) ਕੇ.ਡੀ. ਸ਼ਰਮਾ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਥਾਣਾ ਮੁਖੀ ਨੂੰ ਵੀਡੀਓ ‘ਚ ਦਿਖਾਈ ਦੇ ਰਹੇ ਮੁਲਜ਼ਮ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਘਟਨਾ ਨਾਲ ਸਥਾਨਕ ਲੋਕਾਂ ਅਤੇ ਸੈਲਾਨੀ ਖੇਤਰ ਨਾਲ ਜੁੜੇ ਕਾਰੋਬਾਰੀਆਂ ਵਿਚ ਚਿੰਤਾ ਵਧ ਗਈ ਹੈ। ਵਪਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਨਾਲ ਇਕੱਲੀਆਂ ਯਾਤਰਾ ਕਰਨ ਵਾਲੀਆਂ ਮਹਿਲਾਵਾਂ ਅਤੇ ਵਿਦੇਸ਼ੀ ਸੈਲਾਨੀਆਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਸਕਦੀ ਹੈ, ਜਿਸ ਦਾ ਸੈਰ-ਸਪਾਟੇ (ਟੂਰਿਜ਼ਮ) ‘ਤੇ ਬੁਰਾ ਅਸਰ ਪੈ ਸਕਦਾ ਹੈ। ਪੁਲਿਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ।
ਮਨਾਲੀ ‘ਚ ਵਿਦੇਸ਼ੀ ਮਹਿਲਾ ਸੈਲਾਨੀ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਦੀ ਪਛਾਣ ਕਰਨ ਦੇ ਨਿਰਦੇਸ਼

