#PUNJAB

ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੰਜਾਬ ਦੇ ਡੀ.ਜੀ.ਪੀ. ਨੂੰ ਨੋਟਿਸ ਜਾਰੀ

2 ਪੁਲਿਸ ਮੁਲਾਜ਼ਮਾਂ ਵੱਲੋਂ ਪੱਤਰਕਾਰ ‘ਤੇ ਹਮਲੇ ਦਾ ਮਾਮਲਾ
ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਉਨ੍ਹਾਂ ਮੀਡੀਆ ਰਿਪੋਰਟਾਂ ‘ਤੇ ਸਵੈ-ਨੋਟਿਸ ਲਿਆ, ਜਿਨ੍ਹਾਂ ‘ਚ ਦੋਸ਼ ਲਗਾਇਆ ਗਿਆ ਹੈ ਕਿ ਇਸ ਮਹੀਨੇ ਦੇ ਸ਼ੁਰੂ ‘ਚ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਖੇਤਰ ‘ਚ ਦੋ ਪੁਲਿਸ ਮੁਲਜ਼ਮਾਂ ਨੇ ਇਕ ਪੱਤਰਕਾਰ ‘ਤੇ ਹਮਲਾ ਕੀਤਾ ਸੀ। ਐੱਨ.ਐੱਚ.ਆਰ.ਸੀ. ਨੇ ਇਕ ਬਿਆਨ ‘ਚ ਕਿਹਾ ਕਿ 7 ਅਗਸਤ ਨੂੰ ਪ੍ਰਕਾਸ਼ਿਤ ਰਿਪੋਰਟਾਂ ਅਨੁਸਾਰ ਇਹ ਘਟਨਾ 1 ਅਗਸਤ ਨੂੰ ਵਾਪਰੀ ਸੀ, ਜਿਸ ਤੋਂ ਬਾਅਦ ਆਜ਼ਾਦੀ ਦਿਵਸ ਸਮਾਰੋਹ ਤੋਂ ਪਹਿਲਾਂ ਇਲਾਕੇ ‘ਚ ਪੁਲਿਸ ਦੀ ਤਾਇਨਾਤੀ ਬਾਰੇ ਪੱਤਰਕਾਰ ਨੇ ਅਧਿਕਾਰੀਆਂ ਨੂੰ ਸਵਾਲ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ ਸਾਰਿਆਂ ਦੇ ਸਾਹਮਣੇ ਕੁੱਟਿਆ ਗਿਆ ਸੀ। ਇਕ ਵੀਡੀਓ ‘ਚ ਪੱਤਰਕਾਰ ਬੇਹੋਸ਼ ਪਿਆ ਹੋਇਆ ਦਿਖਾਈ ਦੇ ਰਿਹਾ ਹੈ, ਜਦੋਂਕਿ ਪੁਲਿਸ ਮੁਲਾਜ਼ਮ ਹਮਲੇ ਤੋਂ ਬਾਅਦ ਚਲੇ ਜਾਂਦੇ ਹਨ। ਇਸ ਘਟਨਾ ਨੂੰ ਮਨੁੱਖੀ ਅਧਿਕਾਰਾਂ ਦਾ ਘੋਰ ਉਲੰਘਣ ਦੱਸਦਿਆਂ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਵਿਸਥਾਰਿਤ ਰਿਪੋਰਟ ਮੰਗੀ ਹੈ। ਰਿਪੋਰਟ ਦੀ ਜਾਂਚ ‘ਚ ਮੌਜੂਦਾ ਸਥਿਤੀ ਦੇ ਨਾਲ-ਨਾਲ ਪੱਤਰਕਾਰ ਦੀ ਸਿਹਤ ਬਾਰੇ ਵੀ ਵੇਰਵੇ ਸ਼ਾਮਲ ਹੋਣ ਦੀ ਉਮੀਦ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਕਮਿਸ਼ਨ ਨੇ ਦੇਖਿਆ ਹੈ ਕਿ ਜੇਕਰ ਰਿਪੋਰਟ ਦੀ ਸਮੱਗਰੀ ਸਹੀ ਹੈ, ਤਾਂ ਇਹ ਕਾਨੂੰਨ ਲਾਗੂ ਕਰਨ ਵਾਲਿਆਂ ਵੱਲੋਂ ਸੱਤਾ ਦੀ ਦੁਰਵਰਤੋਂ ਅਤੇ ਹਿਰਾਸਤ ‘ਚ ਜ਼ਿਆਦਤੀਆਂ ਸਬੰਧੀ ਗੰਭੀਰ ਚਿੰਤਾਵਾਂ ਪੈਦਾ ਕਰਦੀ ਹੈ।