ਵਾਸ਼ਿੰਗਟਨ, 17 ਅਗਸਤ (ਪੰਜਾਬ ਮੇਲ)- ਮੁੰਬਈ ਵਿਚ ਹੋਏ ਅੱਤਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਮੁਲਜ਼ਮ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦੇ ਹੋਏ ਅਮਰੀਕੀ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਯੂ.ਐੱਸ. ਕੋਰਟ ਆਫ ਅਪੀਲਜ਼ ਨੇ ਆਪਣੇ ਫੈਸਲੇ ਵਿਚ ਕਿਹਾ, ‘(ਭਾਰਤ-ਅਮਰੀਕਾ ਹਵਾਲਗੀ) ਸੰਧੀ ਰਾਣਾ ਦੀ ਹਵਾਲਗੀ ਦੀ ਇਜਾਜ਼ਤ ਦਿੰਦੀ ਹੈ।’ ਰਾਣਾ ਨੇ ਕੈਲੀਫੋਰਨੀਆ ਸਥਿਤ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਵਿਰੁੱਧ ਯੂ.ਐੱਸ. ਕੋਰਟ ਆਫ਼ ਅਪੀਲਜ਼ ਵਿਚ ਪਟੀਸ਼ਨ ਦਾਇਰ ਕੀਤੀ ਸੀ। ਅਮਰੀਕੀ ਜੇਲ੍ਹ ਵਿਚ ਬੰਦ ਰਾਣਾ ਮੁੰਬਈ ਹਮਲਿਆਂ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਉਸ ਨੂੰ ਪਾਕਿਸਤਾਨੀ-ਅਮਰੀਕੀ ਅੱਤਵਾਦੀ ਡੇਵਿਡ ਕੋਲਮੈਨ ਹੈਡਲੀ ਦਾ ਸਹਿਯੋਗੀ ਮੰਨਿਆ ਜਾਂਦਾ ਹੈ, ਜੋ 26 ਨਵੰਬਰ 2008 ਦੇ ਮੁੰਬਈ ਹਮਲਿਆਂ ਦੇ ਮੁੱਖ ਸਾਜ਼ਿਸ਼ਘਾੜਿਆਂ ਵਿਚੋਂ ਇੱਕ ਸੀ। ਇਨ੍ਹਾਂ ਅੱਤਵਾਦੀ ਹਮਲਿਆਂ ਵਿਚ ਛੇ ਅਮਰੀਕੀ ਨਾਗਰਿਕਾਂ ਸਮੇਤ ਕੁੱਲ 166 ਵਿਅਕਤੀ ਮਾਰੇ ਗਏ ਸਨ।