ਪੇਸ਼ਾਵਰ, 24 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਉੱਤਰ ਪੱਛਮੀ ਖੈਬਰ ਪਖਤੂਨਖਵਾ ਸੂਬੇ ਵਿਚ ਸ਼ੁੱਕਰਵਾਰ ਰਾਤੀਂ ਵਿਆਹ ਸਮਾਗਮ ਦੌਰਾਨ ਖ਼ੁਦਕੁਸ਼ ਬੰਬਾਰ (ਫਿਦਾਈਨ) ਵੱਲੋਂ ਕੀਤੇ ਧਮਾਕੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਤੇ ਦਸ ਹੋਰ ਜ਼ਖ਼ਮੀ ਹੋ ਗਏ। ਧਮਾਕਾ ਸ਼ਾਂਤੀ ਕਮੇਟੀ ਮੈਂਬਰ ਦੀ ਰਿਹਾਇਸ਼ ’ਤੇ ਹੋਇਆ।
ਡੇਰਾ ਇਸਮਾਈਲ ਖਾਨ ਜ਼ਿਲ੍ਹੇ ਦੇ ਜ਼ਿਲ੍ਹਾ ਪੁਲੀਸ ਅਧਿਕਾਰੀ ਸੱਜਾਦ ਅਹਿਮਦ ਸਾਹਿਬਜ਼ਾਦਾ ਨੇ ਪੁਸ਼ਟੀ ਕੀਤੀ ਕਿ ਇਹ ਇੱਕ ਆਤਮਘਾਤੀ ਬੰਬ ਧਮਾਕਾ ਸੀ ਜੋ ਕੁਰੈਸ਼ੀ ਮੋੜ ਨੇੜੇ ਸ਼ਾਂਤੀ ਕਮੇਟੀ ਦੇ ਮੁਖੀ ਨੂਰ ਆਲਮ ਮਹਿਸੂਦ ਦੇ ਘਰ ’ਤੇ ਇੱਕ ਵਿਆਹ ਸਮਾਰੋਹ ਦੌਰਾਨ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਮਲਾ ਹੋਇਆ ਤਾਂ ਮਹਿਮਾਨ ਨੱਚ ਟੱਪ ਰਹੇ ਸਨ। ਧਮਾਕੇ ਕਾਰਨ ਕਮਰੇ ਦੀ ਛੱਤ ਡਿੱਗ ਗਈ, ਜਿਸ ਨਾਲ ਬਚਾਅ ਕਾਰਜਾਂ ਵਿੱਚ ਰੁਕਾਵਟ ਆਈ ਅਤੇ ਮਲਬੇ ਹੇਠ ਫਸੇ ਲੋਕਾਂ ਤੱਕ ਪਹੁੰਚਣਾ ਮੁਸ਼ਕਲ ਹੋ ਗਿਆ। ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਖੈਬਰ ਪਖਤੂਨਖਵਾ ਬਚਾਅ 1122 ਦੇ ਬੁਲਾਰੇ ਬਿਲਾਲ ਅਹਿਮਦ ਫੈਜ਼ੀ ਨੇ ਇਕ ਬਿਆਨ ਵਿਚ ਕਿਹਾ ਕਿ ਪੰਜ ਲਾਸ਼ਾਂ ਅਤੇ 10 ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਸੱਤ ਐਂਬੂਲੈਂਸਾਂ, ਇੱਕ ਫਾਇਰ ਬ੍ਰਿਗੇਡ ਵਾਹਨ ਅਤੇ ਇੱਕ ਐਮਰਜੈਂਸੀ ਵਾਹਨ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਤੇ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਸ਼ਾਂਤੀ ਕਮੇਟੀ ਦਾ ਆਗੂ ਵਹੀਦੁੱਲਾ ਮਹਿਸੂਦ ਉਰਫ਼ ਜਿਗਰੀ ਮਹਿਸੂਦ ਮ੍ਰਿਤਕਾਂ ਵਿੱਚ ਸ਼ਾਮਲ ਹੈ। ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੇ ਧਮਾਕੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸੂਬੇ ਦੇ ਇੰਸਪੈਕਟਰ ਜਨਰਲ ਆਫ਼ ਪੁਲੀਸ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਯਾਦ ਰਹੇ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਹਥਿਆਰਬੰਦ ਹਮਲਾਵਰਾਂ ਨੇ ਖੈਬਰ ਪਖਤੂਨਖਵਾ ਦੇ ਬੰਨੂ ਜ਼ਿਲ੍ਹੇ ਵਿੱਚ ਇੱਕ ਸ਼ਾਂਤੀ ਕਮੇਟੀ ਦੇ ਚਾਰ ਮੈਂਬਰਾਂ ਦੀ ਹੱਤਿਆ ਕਰ ਦਿੱਤੀ ਸੀ।

