-‘ਧਮਕੀਆਂ’ ਦੇ ਬਾਵਜੂਦ ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ
ਵਿਨੀਪੈਗ, 7 ਸਤੰਬਰ (ਪੰਜਾਬ ਮੇਲ)- ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 23ਵਾਂ ਮਹਾਨ ਸਾਲਾਨਾ ਨਗਰ ਕੀਰਤਨ ਵਿਨੀਪੈਗ ਵਿਚ ਪੂਰੀ ਸ਼ਰਧਾ, ਉਤਸ਼ਾਹ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ ਹੋਇਆ। ਗੁਰਦੁਆਰਾ ਸਿੱਖ ਸੁਸਾਇਟੀ ਆਫ਼ ਮੈਨੀਟੋਬਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਮੈਨੀਟੋਬਾ ਦੇ ਵੱਖ-ਵੱਖ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਇਸ ਵਾਰ ਦਾ ਨਗਰ ਕੀਰਤਨ ਭੰਨਤੋੜ ਅਤੇ ਧਮਕੀਆਂ ਦੇ ਮਾਹੌਲ ਦਰਮਿਆਨ ਹੋਇਆ। ਵਿਨੀਪੈਗ ਪੁਲਿਸ ਮੁਤਾਬਕ 4 ਸਤੰਬਰ ਨੂੰ ਸ਼ਹਿਰ ਦੇ ਕਈ ਟਰਾਂਜ਼ਿਟ ਬੋਰਡਾਂ ‘ਤੇ ਸਵਾਸਤਿਕਾ ਸਮੇਤ ਨਫ਼ਰਤੀ ਚਿੰਨ੍ਹਾਂ ਵਾਲੀ ਗ੍ਰਾਫ਼ਿਟੀ ਕੀਤੇ ਜਾਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਤੋਂ ਇਲਾਵਾ ਐਤਵਾਰ ਦੇ ਸਮਾਗਮ ਨੂੰ ਲੈ ਕੇ ਧਮਕੀਆਂ ਵੀ ਸਾਹਮਣੇ ਆਈਆਂ। ਪੁਲਿਸ ਨੇ ਮਾਮਲੇ ਨੂੰ ਸੰਭਾਵਿਤ ਨਫ਼ਰਤੀ ਅਪਰਾਧ ਮੰਨਦਿਆਂ ਜਾਂਚ ਮੇਜਰ ਕ੍ਰਾਈਮ ਯੂਨਿਟ ਦੇ ਹੇਟ ਕਰਾਈਮ ਕੋਆਰਡੀਨੇਟਰਾਂ ਨੂੰ ਸੌਂਪੀ ਹੈ।
ਇਨ੍ਹਾਂ ਘਟਨਾਵਾਂ ਦੇ ਬਾਵਜੂਦ ਹਜ਼ਾਰਾਂ ਸਿੱਖਾਂ ਦਾ ਨਗਰ ਕੀਰਤਨ ਵਿਚ ਇਕੱਠੇ ਹੋਣਾ ਭਾਈਚਾਰੇ ਦੇ ਹੌਸਲੇ ਅਤੇ ਏਕਤਾ ਦਾ ਪ੍ਰਗਟਾਵਾ ਬਣਿਆ। ਲੈਜਿਸਲੇਟਿਵ ਬਿਲਡਿੰਗ ਦੇ ਪਾਰਕ ਵਿਚ ਸੰਗਤਾਂ ਦੀ ਵੱਡੀ ਭੀੜ ਇਕੱਠੀ ਹੋਈ, ਜੋ ਪ੍ਰਬੰਧਕਾਂ ਦੀਆਂ ਉਮੀਦਾਂ ਤੋਂ ਕਿਤੇ ਵੱਧ ਦੱਸੀ ਗਈ। ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਸ਼ੁਰੂਆਤ ਹੋਈ। ਸੁੰਦਰ ਢੰਗ ਨਾਲ ਸਜਾਈ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਅਤੇ ਪਿੱਛੇ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਅੱਗੇ ਵਧ ਰਹੀਆਂ ਸਨ।
ਨਗਰ ਕੀਰਤਨ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰੂ ਜੱਸ ਕੀਤਾ ਗਿਆ। ਢਾਡੀ ਜਥਿਆਂ ਵੱਲੋਂ ਸਿੱਖ ਇਤਿਹਾਸ ਨਾਲ ਸਬੰਧਿਤ ਵਾਰਾਂ ਪੇਸ਼ ਕੀਤੀਆਂ ਗਈਆਂ। ਮੈਨੀਟੋਬਾ ਦੇ ਵੱਖ-ਵੱਖ ਗਤਕਾ ਅਖਾੜਿਆਂ ਦੇ ਸਿੰਘਾਂ ਅਤੇ ਸਿੰਘਣੀਆਂ ਨੇ ਗਤਕੇ ਦੇ ਜੌਹਰ ਦਿਖਾਏ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਹਰ ਉਮਰ ਵਰਗ ਦੇ ਲੋਕਾਂ ਨੇ ਸੇਵਾ ਵਿਚ ਹਿੱਸਾ ਲਿਆ।
ਨਗਰ ਕੀਰਤਨ ਵਿਚ ਨੀਲੀਆਂ ਅਤੇ ਪੀਲੀਆਂ ਦਸਤਾਰਾਂ ਤੇ ਦੁਪੱਟਿਆਂ ਨਾਲ ਸਜੀ ਸੰਗਤ ਦੀਆਂ ਕਤਾਰਾਂ ਨੇ ਵਿਨੀਪੈਗ ਦੀਆਂ ਸੜਕਾਂ ਨੂੰ ਖ਼ਾਲਸਾਈ ਰੰਗ ਵਿਚ ਰੰਗ ਦਿੱਤਾ। ਧਾਰਮਿਕ ਅਤੇ ਸਮਾਜ-ਸੇਵੀ ਸੰਸਥਾਵਾਂ ਤੋਂ ਇਲਾਵਾ ਗੈਰ-ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਸਮਾਗਮ ਵਿਚ ਸ਼ਮੂਲੀਅਤ ਕਰਕੇ ਸਹਿਯੋਗ ਦਿੱਤਾ। ਚੋਣਾਂ ਦੇ ਮਾਹੌਲ ਦਰਮਿਆਨ ਵੱਖ-ਵੱਖ ਸਿਆਸੀ ਆਗੂਆਂ ਨੇ ਵੀ ਨਗਰ ਕੀਰਤਨ ਵਿਚ ਹਾਜ਼ਰੀ ਭਰੀ ਅਤੇ ਇਸ ਨੂੰ ਵਿਭਿੰਨਤਾ, ਸਾਂਝ ਅਤੇ ਭਾਈਚਾਰਕ ਏਕਤਾ ਦੀ ਮਿਸਾਲ ਦੱਸਿਆ। ਸਿੱਖ ਸੁਸਾਇਟੀ ਆਫ਼ ਮੈਨੀਟੋਬਾ ਦੇ ਪ੍ਰਧਾਨ ਨੇ ਕਿਹਾ ਕਿ ਨਗਰ ਕੀਰਤਨ ਵਿਚ ਭਰਵੀਂ ਹਾਜ਼ਰੀ ਸਿੱਖ ਧਰਮ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਸੰਗਤ ਦੀ ਡੂੰਘੀ ਆਸਥਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ ‘ਤੇ ਵੱਸਦਾ ਸਿੱਖ ਭਾਈਚਾਰਾ ਆਪਣੀ ਧਾਰਮਿਕ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸੇਵਾ, ਸਾਂਝੀਵਾਲਤਾ ਅਤੇ ਮਨੁੱਖਤਾ ਦਾ ਸੰਦੇਸ਼ ਵੀ ਦੇ ਰਿਹਾ ਹੈ।
23ਵਾਂ ਮਹਾਨ ਨਗਰ ਕੀਰਤਨ ਨਵੀਂ ਪੀੜ੍ਹੀ ਨੂੰ ਸਿੱਖ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦੇ ਨਾਲ ਵਿਨੀਪੈਗ ਵਿਚ ਸਿੱਖ ਭਾਈਚਾਰੇ ਦੀ ਏਕਤਾ, ਆਸਥਾ ਅਤੇ ਸੇਵਾ-ਭਾਵਨਾ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਬਣ ਕੇ ਨਿੱਬੜਿਆ।
ਵਿਨੀਪੈਗ ‘ਚ 23ਵਾਂ ਮਹਾਨ ਨਗਰ ਕੀਰਤਨ ਸ਼ਰਧਾ ਨਾਲ ਹੋਇਆ ਸੰਪੰਨ

