#PUNJAB

ਵਿਵਾਦਿਤ ਵੀਡੀਓ ਮਾਮਲਾ : ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਪੰਜਾਬ ਪੁਲਿਸ ਕੋਲ ਲਿਖਤੀ ਸ਼ਿਕਾਇਤ

ਚੰਡੀਗੜ੍ਹ, 3 ਜੁਲਾਈ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਵਿਵਾਦਿਤ ਵੀਡੀਓ ਦੇ ਮਾਮਲੇ ‘ਚ ਡੀ.ਜੀ.ਪੀ. ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਪਰਚਾ ਦਰਜ ਕੀਤੇ ਜਾਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ ਏ.ਐੱਸ. ਰਾਏ ਇਹ ਸ਼ਿਕਾਇਤ ਦੇ ਕੇ ਮੁੱਖ ਮੰਤਰੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਵਿਵਾਦਿਤ ਵੀਡੀਓ ਕਾਰਨ ਦੇਸ਼ ਵਿਦੇਸ਼ ‘ਚ ਵੱਸਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਵਫ਼ਦ ਨੇ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਦਬਾਉਣ ਲਈ ਕਥਿਤ ਤੌਰ ‘ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਵੀ ਸਾਜ਼ਿਸ਼ ਰਚੀ ਗਈ, ਜਿਸ ਸਬੰਧੀ ਹਰਿਆਣਾ ‘ਚ ਗੁਰੂ ਗ੍ਰਾਮ ਦੇ ਡੀ.ਐੱਲ.ਐੱਫ਼. ਥਾਣੇ ਵਿਚ ਸਬੰਧਿਤ ਵਿਅਕਤੀਆਂ ਵਿਰੁੱਧ ਐੱਫ਼.ਆਈ.ਆਰ. ਵੀ ਦਰਜ ਹੋ ਚੁੱਕੀ ਹੈ।
ਵਫ਼ਦ ਨੇ ਮੰਗ ਕੀਤੀ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਤੁਰੰਤ ਐੱਫ਼.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ, ਤਾਂ ਜੋ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਅਤੇ ਕਾਨੂੰਨ ਦੀ ਮਰਿਆਦਾ ਬਰਕਰਾਰ ਰਹੇ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਡੀ.ਜੀ.ਪੀ. ਦਫ਼ਤਰ ਦੇ ਬਾਹਰ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ 27 ਜੂਨ 2026 ਨੂੰ ਹੋਈ ਜਰਨਲ ਇਕੱਤਰਤਾ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਸੇ ਮਤੇ ਦੇ ਮੱਦੇਨਜ਼ਰ ਅੱਜ ਡੀ.ਜੀ.ਪੀ. ਪੰਜਾਬ ਦੇ ਨਾਂ ਸ਼ਿਕਾਇਤ ਸੌਂਪੀ ਗਈ ਹੈ। ਮੁੱਖ ਸਕੱਤਰ ਨੇ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਮਾਮਲਾ ਜੁੜਿਆ ਹੋਣ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਦੇ ਵਫ਼ਦ ‘ਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਲਖਬੀਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸ਼ਾਮਲ ਸਨ।