ਸ਼੍ਰੀ ਮੁਕਤਸਰ ਸਾਹਿਬ, 2 ਜੁਲਾਈ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਉਬਰਾਏ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਸਕੂਲਾਂ ਵਿਚ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਕੂਲਾਂ ਵਿਚ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਰਹੀਆਂ ਹਨ। ਇਸ ਲੜੀ ਹੇਠ ਸ. ਜੱਸਾ ਸਿੰਘ ਸੰਧੂ ਕੌਮੀ ਪ੍ਰਧਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਝਬੇਲਵਾਲੀ (ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ) ਨੂੰ ਬੱਚਿਆਂ ਨੂੰ ਗਿਆਨ ਦਾ ਪ੍ਰਕਾਸ਼ ਕਰਵਾਉਣ ਲਈ ਸਕੂਲ ਵਿਚ ਚੱਲ ਰਹੀ ਲਾਇਬ੍ਰੇਰੀ ਨੂੰ ਮੁਫ਼ਤ ਕਿਤਾਬਾਂ ਦਿੱਤੀਆਂ ਗਈਆਂ ਹਨ। ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਕਿ ਸਕੂਲ ਸਟਾਫ ਵੱਲੋਂ ਪਿਛਲੇ ਸਮੇਂ ਦੌਰਾਨ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਸਕੂਲ ਵਿਚ ਚੱਲ ਰਹੀ ਲਾਇਬ੍ਰੇਰੀ ਵਿਚ ਕਿਤਾਬਾਂ ਦੇਣ ਲਈ ਬੇਨਤੀ ਪੱਤਰ ਭੇਜਿਆ ਗਿਆ ਸੀ। ਡਾਕਟਰ ਉਬਰਾਏ ਵਲੋਂ ਤੁਰੰਤ ਪ੍ਰਵਾਨਗੀ ਦੇ ਦਿੱਤੀ ਅਤੇ ਕਿਤਾਬਾਂ ਭੇਜੀਆਂ ਗਈਆਂ ਸਨ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਦੀ ਹਾਜ਼ਰੀ ਵਿਚ ਸਕੂਲ ਸਟਾਫ ਨੂੰ ਦਿੱਤੀਆਂ ਗਈਆਂ ਹਨ। ਇਸ ਮੌਕੇ ਜਸਪਾਲ ਸਿੰਘ ਰਿਟਾਇਰਡ ਲੈਕਚਰਾਰ ਸੀਨੀਅਰ ਮੀਤ ਪ੍ਰਧਾਨ ਨੇ ਕਿਹਾ ਕਿ ਭਾਵੇਂ ਅੱਜ ਮੋਬਾਈਲ ਦਾ ਯੁੱਗ ਹੈ ਪਰੰਤੂ ਸਾਨੂੰ ਵੱਧ ਤੋਂ ਵੱਧ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ। ਕਿਤਾਬਾਂ ਲੈਣ ਉਪਰੰਤ ਸਕੂਲ ਸਟਾਫ ਵੱਲੋਂ ਅਤੇ ਬੱਚਿਆਂ ਵੱਲੋਂ ਡਾਕਟਰ ਐੱਸ.ਪੀ. ਸਿੰਘ ਓਬਰਾਏ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਮੁਕਤਸਰ ਸਾਹਿਬ ਦੇ ਪੰਜ ਗੁਰਦੁਆਰਾ ਸਾਹਿਬ ਵਿਚ ਅਤੇ ਚਾਰ ਪਿੰਡਾਂ ਦੀਆਂ ਲਾਇਬ੍ਰੇਰੀਆਂ ਨੂੰ ਟਰੱਸਟ ਵੱਲੋਂ ਵੱਡੀ ਤਾਦਾਦ ਵਿਚ ਮੁਫ਼ਤ ਕਿਤਾਬਾਂ ਦਿੱਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਸੁਖਬੀਰ ਸਿੰਘ ਜੈਲਦਾਰ, ਰਛਪਾਲ ਸਿੰਘ ਡਿਵੈਲਪਮੈਂਟ ਆਫ਼ੀਸਰ, ਮੈਡਮ ਮਨਿੰਦਰ ਕੌਰ, ਮੈਡਮ ਅਨੀਤਾ ਰਾਣੀ, ਸਕੂਲ ਦੇ ਮੁੱਖ ਅਧਿਆਪਕ, ਅਧਿਆਪਕ ਅਤੇ ਬੱਚੇ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲ ਦੀ ਲਾਇਬ੍ਰੇਰੀ ਨੂੰ ਦਿੱਤੀਆਂ ਮੁਫ਼ਤ ਕਿਤਾਬਾਂ
