#PUNJAB

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦਾਂ ਵਿਦਿਆਰਥਣਾਂ ਨੂੰ ਦਿੱਤੀ ਵਿੱਤੀ ਸਹਾਇਤਾ

ਸ੍ਰੀ ਮੁਕਤਸਰ ਸਾਹਿਬ, 2 ਮਾਰਚ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਕਾਲਰਸ਼ਿਪ ਸਕੀਮ ਤਹਿਤ ਲੋੜਵੰਦ ਵਿਦਿਆਰਥੀਆਂ ਦੀ ਵੱਡੀ ਪੱਧਰ ‘ਤੇ ਮਦਦ ਕੀਤੀ ਜਾ ਰਹੀ ਹੈ, ਤਾਂ ਜੋ ਇਹ ਵਿਦਿਆਰਥੀ ਆਪਣਾ ਪੜ੍ਹਾਈ ਦਾ ਸੁਪਨਾ ਪੂਰਾ ਕਰ ਸਕਣ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਟੀਮ ਵਿਚ ਹੁਣ ਤੱਕ ਵੱਡੀ ਗਿਣਤੀ ਵਿਚ ਲੜਕੇ ਲੜਕੀਆਂ ਇਸ ਦਾ ਲਾਭ ਲੈ ਚੁੱਕੇ ਹਨ। ਆਰਥਿਕ ਤੌਰ ‘ਤੇ ਕਮਜ਼ੋਰ ਪਰ ਪੜ੍ਹਾਈ ਵਿਚ ਹੁਸ਼ਿਆਰ, ਪੜ੍ਹਾਈ ਜਾਰੀ ਰੱਖਣ ਦੇ ਚਾਹਵਾਨ ਵਿਦਿਆਰਥੀਆਂ ਲਈ ਜਿੱਥੇ ਟਰੱਸਟ ਮਦਦ ਕਰ ਰਿਹਾ ਹੈ, ਉੱਥੇ ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਇੱਕ ਹੋਰ ਇਤਿਹਾਸਕ ਫੈਸਲਾ ਕੀਤਾ ਹੈ ਕਿ ਜਿਸ ਵਿਦਿਆਰਥੀ ਦੇ ਮਾਤਾ-ਪਿਤਾ ਨਹੀਂ ਹਨ ਜਾਂ ਦੋਨਾਂ ਵਿਚੋਂ ਇੱਕ ਹੈ, ਟਰੱਸਟ ਉਨ੍ਹਾਂ ਵਿਦਿਆਰਥੀਆਂ ਨੂੰ ਮੁਫ਼ਤ ਪੜ੍ਹਾਈ ਕਰਵਾਏਗਾ, ਸ਼ਰਤ ਕਿ ਵਿਦਿਆਰਥੀ ਹਰ ਕਲਾਸ ਵਿਚ ਪਾਸ ਹੋਣ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਦਿਨੀਂ 2 ਪੜ੍ਹਾਈ ਵਿਚ ਹੁਸ਼ਿਆਰ ਵਿਦਿਆਰਥਣਾਂ ਵੱਲੋਂ ਡਾ. ਐੱਸ.ਪੀ. ਸਿੰਘ ਓਬਰਾਏ ਨੂੰ ਵਿੱਤੀ ਸਹਾਇਤਾ ਲਈ ਬੇਨਤੀ ਕੀਤੀ ਗਈ ਸੀ। ਡਾਕਟਰ ਓਬਰਾਏ ਵਲੋਂ ਤੁਰੰਤ ਹੀ ਪ੍ਰਵਾਨਗੀ ਦਿੱਤੀ ਅਤੇ 18000 ਰੁਪਏ ਦਿੱਤੇ ਗਏ, ਤਾਂ ਜੋ ਇਹ ਲੜਕੀਆਂ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਸਕਣ।
ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਮੈਨੇਜਰ ਸਹਿਬ, ਗੁਰਜੀਤ ਸਿੰਘ ਜੀਤਾ, ਚਰਨਜੀਤ ਸਿੰਘ, ਸੁਖਬੀਰ ਸਿੰਘ ਜੈਲਦਾਰ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਸੁਖਦਰਸ਼ਨ ਸਿੰਘ ਬੇਦੀ ਰਿਟਾ. ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਹਰਭਗਵਾਨ ਸਿੰਘ ਖੱਪਿਆਂਵਾਲ਼ੀ ਵਾਲੀ, ਕਾਲਾ ਖੱਪਿਆਂਵਾਲ਼ੀ ਆਦਿ ਹਾਜ਼ਰ ਸਨ।