ਸ਼੍ਰੀ ਮੁਕਤਸਰ ਸਾਹਿਬ, 2 ਜੂਨ (ਪੰਜਾਬ ਮੇਲ)- ਡਾਕਟਰ ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸ੍ਰੀ ਮੁਕਤਸਰ ਸਾਹਿਬ ਵਿਖੇ 32 ਲੋੜਵੰਦ ਮਰੀਜ਼ਾਂ ਨੂੰ ਬੱਤੀ ਹਜ਼ਾਰ ਰੁਪਏ ਦੀ ਦਵਾਈਆਂ ਖਰੀਦਣ ਲਈ ਵਿੱਤੀ ਸਹਾਇਤਾ ਰਾਸ਼ੀ ਦਿੱਤੀ ਗਈ।
ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਹ ਮਰੀਜ਼ ਲੰਮੇ ਸਮੇਂ ਤੋਂ ਵੱਖ-ਵੱਖ ਬੀਮਾਰੀਆਂ ਤੋਂ ਪੀੜ੍ਹਤ ਹਨ, ਪਰ ਦਵਾਈਆਂ ਖਰੀਦਣ ਤੋਂ ਅਸਮਰਥ ਹਨ। ਇਨ੍ਹਾਂ ਦੇ ਘਰੇਲੂ ਹਾਲਾਤ ਦੇਖਦੇ ਹੋਏ ਇਨ੍ਹਾਂ ਦੀਆਂ ਡਾਕਟਰ ਤੋਂ ਲਿਖੀਆਂ ਦਵਾਈਆਂ ਦੀਆਂ ਪਰਚੀਆਂ ਅਤੇ ਬੇਨਤੀ ਪੱਤਰ ਡਾਕਟਰ ਐੱਸ.ਪੀ. ਸਿੰਘ ਓਬਰਾਏ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਟੀਮ ਰਾਹੀਂ ਭੇਜੇ ਗਏ ਸਨ, ਡਾਕਟਰ ਓਬਰਾਏ ਵਲੋਂ ਤਰੁੰਤ ਪ੍ਰਵਾਨ ਕਰਦਿਆਂ ਪੈਸੇ ਭੇਜ ਕੇ ਜ਼ਿਲ੍ਹਾ ਟੀਮ ਨੂੰ ਲੋੜਵੰਦ ਮਰੀਜ਼ਾਂ ਤੱਕ ਪਹੁੰਚਾਉਣ ਲਈ ਕਿਹਾ ਗਿਆ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦਾਂ ਵੱਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ. ਪ੍ਰਿੰਸੀਪਲ, ਚਰਨਜੀਤ ਸਿੰਘ ਬਲਾਕ ਸੰਮਤੀ ਮੈਂਬਰ, ਸੁਖਬੀਰ ਸਿੰਘ ਜੈਲਦਾਰ, ਸੋਮ ਨਾਥ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਗੁਰਚਰਨ ਸਿੰਘ ਆਸਟ੍ਰੇਲੀਆ ਵਾਲੇ ਆਦਿ ਹਾਜ਼ਰ ਸਨ।
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਲੋੜਵੰਦ ਮਰੀਜ਼ਾਂ ਨੂੰ ਦਿੱਤੀ ਵਿੱਤੀ ਸਹਾਇਤਾ

