ਨਵੀਂ ਦਿੱਲੀ, 24 ਜੂਨ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ, ਜਿਸ ‘ਚ ਭਰਤੀ ਪ੍ਰੀਖਿਆਵਾਂ ਵਿਚ ਹਰਿਆਣਾ ਦੇ ਵਸਨੀਕਾਂ ਨੂੰ ਵਾਧੂ ਅੰਕ ਦੇਣ ਦੀ ਸੂਬਾ ਸਰਕਾਰ ਦੀ ਨੀਤੀ ਨੂੰ ਰੱਦ ਕਰ ਦਿੱਤਾ ਸੀ। ਜਸਟਿਸ ਅਭੈ ਐੱਸ. ਓਕਾ ਅਤੇ ਜਸਟਿਸ ਰਾਜੇਸ਼ ਬਿੰਦਲ ਦੇ ਛੁੱਟੀ ਵਾਲੇ ਬੈਂਚ ਨੇ ਹਰਿਆਣਾ ਸਰਕਾਰ ਦੀ ਨੀਤੀ ਨੂੰ ਲੋਕਲੁਭਾਊ ਕਰਾਰ ਦਿੰਦੇ ਹੋਏ ਹਾਈ ਕੋਰਟ ਦੇ ਹੁਕਮਾਂ ਵਿਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ। ਹਾਈ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਰਾਜ ਸਰਕਾਰ ਦੀਆਂ ਨੌਕਰੀਆਂ ਵਿਚ ਕੁਝ ਸ਼੍ਰੇਣੀਆਂ ਦੇ ਉਮੀਦਵਾਰਾਂ ਨੂੰ ਵਾਧੂ ਅੰਕ ਦੇਣ ਲਈ ਨਿਰਧਾਰਤ ਸਮਾਜਿਕ-ਆਰਥਿਕ ਮਾਪਦੰਡਾਂ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ।