-ਤਖ਼ਤ ਸਾਹਿਬ ਵਿਖੇ ਫਿਲਹਾਲ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਿਭਾਉਣਗੇ ਕਾਰਜਕਾਰੀ ਸੇਵਾਵਾਂ
ਅੰਮ੍ਰਿਤਸਰ, 11 ਫਰਵਰੀ (ਪੰਜਾਬ ਮੇਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ‘ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਬੰਧ ਵਿਚ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ। ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ‘ਤੇ ਬਹੁਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ। ਕੇਵਲ ਤਿੰਨ ਮੈਂਬਰਾਂ ਨੇ ਇਸ ਸਬੰਧ ਵਿਚ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ ਅੰਤ੍ਰਿੰਗ ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਫਾਰਗ ਕਰਨ ਬਾਰੇ ਸਹਿਮਤੀ ਪ੍ਰਗਟਾਈ। ਉਨ੍ਹਾਂ ਦੱਸਿਆ ਕਿ ਜਾਂਚ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ ਸਾਬਤ ਹੋਣ ਅਤੇ ਤਖ਼ਤ ਸਾਹਿਬ ਦੀ ਮਾਣ-ਮਰਿਯਾਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਫਿਲਹਾਲ ਆਪਣੇ ਕੰਮ ਦੇ ਨਾਲ-ਨਾਲ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ‘ਤੇ ਸੌਂਪੀਆਂ ਗਈਆਂ ਹਨ।
ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਨਿਸ਼ਾਨ ਦੇ ਚੋਲੇ ਦੀ ਸੇਵਾ ਕਰਦਿਆਂ ਡਿੱਗ ਕੇ ਅਕਾਲ ਚਲਾਣਾ ਕਰ ਗਏ ਸ. ਸਤਨਾਮ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਟਰੱਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹੋਰ ਕਾਰਜਾਂ ਦੇ ਮਾਮਲੇ ਵਿਚਾਰ ਗਏ ਅਤੇ ਉਨ੍ਹਾਂ ਦਾ ਸਰਲੀਕਰਨ ਕੀਤਾ ਗਿਆ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖ਼ਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਪੁੜੈਣ ਆਦਿ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਫਾਰਗ
