-ਖੱਟੜਾ ਦੇ ਦੋਸ਼ ਗੁੰਮਰਾਹਕੁਨ ਤੇ ਤੱਥਹੀਣ ਬਿਆਨਬਾਜ਼ੀ ਕਰਾਰ
ਅੰਮ੍ਰਿਤਸਰ, 6 ਅਗਸਤ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਆਈ.ਜੀ. ਰਣਬੀਰ ਸਿੰਘ ਖੱਟੜਾ ਨੂੰ ਕਰੜੇ ਹੱਥੀਂ ਲਿਆ ਹੈ ਅਤੇ ਉਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਗੁੰਮਰਾਹਕੁਨ ਤੇ ਤੱਥਹੀਣ ਬਿਆਨਬਾਜ਼ੀ ਕਰਾਰ ਦਿੱਤਾ ਹੈ। ਸਿੱਖ ਸੰਸਥਾ ਨੇ ਉਸ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸੰਗਤਾਂ ਨੂੰ ਗੁਮਰਾਹ ਕਰਨ ਤੋਂ ਗੁਰੇਜ਼ ਕਰੇ ਨਹੀਂ ਤਾਂ ਸ਼੍ਰੋਮਣੀ ਕਮੇਟੀ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੋਸ਼ ਲਾਇਆ ਕਿ ਸਾਬਕਾ ਆਈ.ਜੀ. ਸਿੱਖ ਸੰਸਥਾ ਵਿਰੁੱਧ ਬੇਬਨਿਆਦ ਦੋਸ਼ ਲਾ ਰਹੇ ਹਨ ਅਤੇ ਇਹ ਸਿੱਧ ਕਰਨ ਦਾ ਯਤਨ ਕਰ ਰਹੇ ਹਨ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀ ਮਾਮਲੇ ਵਿਚ ਸੀ.ਬੀ.ਆਈ. ਕਲੋਜ਼ਰ ਰਿਪੋਰਟ ਦੇ ਪੱਖ ਵਿਚ ਹਲਫ਼ੀਆ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ 2015 ਵਿਚ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਸਬੰਧੀ ਕੇਸਾਂ ਵਿਚ ਕੇਂਦਰੀ ਜਾਂਚ ਏਜੰਸੀ ਵੱਲੋਂ 2019 ਵਿਚ ਅਦਾਲਤ ‘ਚ ਕਲੋਜ਼ਰ ਰਿਪੋਰਟ ਦਰਜ ਕੀਤੀ ਗਈ ਸੀ, ਜਿਸ ਦਾ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਕਰਦਿਆਂ, ਇਸ ਨੂੰ ਰੱਦ ਕਰ ਦਿੱਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਸੀ, ਜੋ ਕਿ ਨਿਰੰਤਰ ਜਾਰੀ ਹੈ।