ਅੰਮ੍ਰਿਤਸਰ, 14 ਸਤੰਬਰ (ਪੰਜਾਬ ਮੇਲ)- ਸਾਬਕਾ ਅਕਾਲੀ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਸੌਂਪ ਦਿੱਤਾ ਹੈ। ਉਨ੍ਹਾਂ ਪਹਿਲਾਂ ਅਕਾਲ ਤਖਤ ਵਿਖੇ ਮੱਥਾ ਟੇਕਿਆ ਅਤੇ ਬਾਅਦ ਵਿਚ ਸਕੱਤਰੇਤ ਵਿਚ ਜਾ ਕੇ ਆਪਣਾ ਸਪੱਸ਼ਟੀਕਰਨ ਸੌਂਪਿਆ। ਮੀਡੀਆ ਨਾਲ ਗੱਲਬਾਤ ਕਰਨ ਤੋਂ ਸੰਕੋਚ ਕਰਦਿਆਂ ਉਨ੍ਹਾਂ ਇੰਨਾ ਹੀ ਕਿਹਾ ਕਿ ਉਹ ਅੱਜ ਆਪਣਾ ਸਪੱਸ਼ਟੀਕਰਨ ਸੌਂਪ ਕੇ ਆਏ ਹਨ ਅਤੇ ਇਸ ਮਾਮਲੇ ਵਿਚ ਅਕਾਲ ਤਖ਼ਤ ਦੇ ਹਰ ਆਦੇਸ਼ ਦੀ ਪਾਲਣਾ ਕਰਨਗੇ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੰਕਟ ਸਬੰਧੀ ਅਕਾਲ ਤਖਤ ਵਿਖੇ ਵਿਚਾਰ ਅਧੀਨ ਮਾਮਲੇ ‘ਚ ਪੰਜ ਸਿੰਘ ਸਾਹਿਬਾਨ ਵੱਲੋਂ ਅਕਾਲੀ ਸਰਕਾਰ ਵੇਲੇ ਹੋਏ ਗਲਤ ਫ਼ੈਸਲੇ ਅਤੇ ਭੁੱਲਾਂ ਚੁੱਕਾਂ ਦੇ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਅਤੇ 15 ਦਿਨਾਂ ਵਿਚ 17 ਸਿੱਖ ਕੈਬਨਿਟ ਮੰਤਰੀਆਂ ਵੱਲੋਂ ਸਪੱਸ਼ਟੀਕਰਨ ਮੰਗੇ ਗਏ ਸਨ। ਇਸ ਦੀ ਆਖਰੀ ਮਿਤੀ 14 ਸਤੰਬਰ ਨੂੰ ਖਤਮ ਹੋ ਗਈ। ਇਸ ਮਾਮਲੇ ਵਿਚ ਹੁਣ ਤੱਕ ਲਗਪਗ ਸਾਰੇ ਹੀ ਕੈਬਨਿਟ ਮੰਤਰੀਆਂ ਨੇ ਆਪੋ-ਆਪਣੇ ਸਪੱਸ਼ਟੀਕਰਨ ਸੌਂਪ ਦਿੱਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਆਪਣਾ ਖਿਮਾ ਯਾਚਨਾ ਪੱਤਰ ਸੌਂਪ ਚੁੱਕੇ ਹਨ। ਇਸ ਮਾਮਲੇ ਵਿਚ ਹੁਣ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦ ਕੇ ਇਸ ਅਗਲਾ ਫ਼ੈਸਲਾ ਲਿਆ ਜਾਣਾ ਹੈ। ਜ਼ਿਕਰਯੋਗ ਹੈ ਕਿ ਸਿੱਖ ਜਥੇਬੰਦੀਆਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕਰ ਰਹੀਆਂ ਹਨ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇ।