ਚੰਡੀਗੜ੍ਹ, 16 ਅਕਤੂਬਰ (ਪੰਜਾਬ ਮੇਲ)- ਸੀ.ਬੀ.ਆਈ. ਨੇ ਵੀਰਵਾਰ ਨੂੰ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ। ਇਸ ਆਈ.ਪੀ.ਐੱਸ. ਅਧਿਕਾਰੀ ਨੂੰ ਭ੍ਰਿਸ਼ਟਾਚਾਰ ਦੇ ਕੇਸ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭੁੱਲਰ ਨੂੰ ਉਨ੍ਹਾਂ ਦੇ ਮੋਹਾਲੀ ਸਥਿਤ ਦਫ਼ਤਰ ‘ਚੋਂ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਮੁਤਾਬਕ ਸੀ.ਬੀ.ਆਈ. ਦੀ ਟੀਮ ਨੇ ਇਕ ਹੋਰ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ। ਸੀਨੀਅਰ ਪੁਲਿਸ ਅਧਿਕਾਰੀ ਇਸ ਗ੍ਰਿਫ਼ਤਾਰੀ ਨੂੰ ਲੈ ਕੇ ਚੁੱਪ ਹਨ। ਰਿਪੋਰਟਾਂ ਅਨੁਸਾਰ, ਸੀ.ਬੀ.ਆਈ. ਨੂੰ ਡੀ.ਆਈ.ਜੀ. ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਨਾਲ ਸਬੰਧਤ ਕੁਝ ਲੈਣ-ਦੇਣ ਅਤੇ ਅਹੁਦੇ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਦੇ ਆਧਾਰ ‘ਤੇ ਏਜੰਸੀ ਨੇ ਜਾਂਚ ਸ਼ੁਰੂ ਕੀਤੀ ਸੀ।
ਸੂਤਰਾਂ ਨੇ ਕਿਹਾ ਕਿ ਭੁੱਲਰ ਦੇ ਦਫ਼ਤਰ, ਘਰ ਤੇ ਕੁਝ ਹੋਰ ਟਿਕਾਣਿਆਂ ਦੀ ਵੀ ਤਲਾਸ਼ੀ ਲਈ ਗਈ। ਭੁੱਲਰ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪੰਚਕੂਲਾ ਤੇ ਫਿਰ ਵਾਪਸ ਲਿਆਂਦਾ ਗਿਆ। ਸੂਤਰਾਂ ਨੇ ਦੱਸਿਆ ਕਿ ਸੀ.ਬੀ.ਆਈ. ਚੰਡੀਗੜ੍ਹ ਨੇ ਇਹ ਕਾਰਵਾਈ ਫਤਿਹਗੜ੍ਹ ਦੇ ਇਕ ਸਕ੍ਰੈਪ ਡੀਲਰ (ਕਬਾੜੀਏ) ਦੀ ਸ਼ਿਕਾਇਤ ‘ਤੇ ਕੀਤੀ ਹੈ। ਸੀ.ਬੀ.ਆਈ. ਟੀਮ ਨੇ ਇਸ ਪੂਰੀ ਕਾਰਵਾਈ ਦੌਰਾਨ ਇਹ ਯਕੀਨੀ ਬਣਾਇਆ ਕਿ ਡੈਪੂਟੇਸ਼ਨ ‘ਤੇ ਆਏ ਪੰਜਾਬ ਪੁਲਿਸ ਦੇ ਕਿਸੇ ਵੀ ਕਰਮਚਾਰੀ ਨੂੰ ਛਾਪੇਮਾਰੀ ਕਰਨ ਵਾਲੀ ਟੀਮ ਦਾ ਹਿੱਸਾ ਨਾ ਬਣਾਇਆ ਜਾਵੇ।
ਭੁੱਲਰ ਨੇ ਪਿਛਲੇ ਸਾਲ 27 ਨਵੰਬਰ ਨੂੰ ਰੋਪੜ ਰੇਂਜ ਦੇ ਡੀ.ਆਈ.ਜੀ. ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਪਟਿਆਲਾ ਰੇਂਜ ਡੀ.ਆਈ.ਜੀ. ਵਜੋਂ ਤਾਇਨਾਤ ਸਨ। ਭੁੱਲਰ ਰੋਪੜ ਰੇਂਜ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਵਿਰੋਧੀ ਮੁਹਿੰਮ ਵਿਚ ਸ਼ਾਮਲ ਸਨ। ਹਰਚਰਨ ਸਿੰਘ ਭੁੱਲਰ ਪੰਜਾਬ ਦੇ ਸਾਬਕਾ ਡੀ.ਜੀ.ਪੀ. ਮਹਿਲ ਸਿੰਘ ਭੁੱਲਰ ਦੇ ਪੁੱਤਰ ਹਨ। ਉਨ੍ਹਾਂ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਵੀ ਕੀਤੀ, ਜਿਸ ਨੇ ਨਸ਼ਾ ਸਮੱਗਲਿੰਗ ਦੇ ਦੋਸ਼ਾਂ ਵਿਚ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ।
ਸੀ.ਬੀ.ਆਈ. ਵੱਲੋਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਭ੍ਰਿਸ਼ਟਾਚਾਰ ਦੇ ਕੇਸ ‘ਚ ਗ੍ਰਿਫ਼ਤਾਰ
