#INDIA

ਸੁਪਰੀਮ ਕੋਰਟ ਨੇ ਬੇਅਦਬੀ ਮਾਮਲੇ ‘ਚ ਰਾਮ ਰਹੀਮ ਨੂੰ ਦਿੱਤਾ ਵੱਡਾ ਝਟਕਾ; ਚੱਲੇਗਾ ਕੇਸ

ਨਵੀਂ ਦਿੱਲੀ, 18 ਅਕਤੂਬਰ (ਪੰਜਾਬ ਮੇਲ)-  ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਹਾਈ ਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰਚ ‘ਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ‘ਚ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਤਿੰਨ ਮਾਮਲਿਆਂ ‘ਚ ਚੱਲ ਰਹੀ ਜਾਂਚ ‘ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੈ, ਜਿਸ ‘ਤੇ ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਪਾਬੰਦੀ ਹਟਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ‘ਚ ਜਵਾਬ ਮੰਗਿਆ ਹੈ।
ਅਕਤੂਬਰ 2015 ‘ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ‘ਚ ਗੁਰਦੁਆਰਾ ਸਾਹਿਬ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਨੇ ਪੰਜਾਬ ਭਰ ‘ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ਵਿਦੇਸ਼ਾਂ ‘ਚ ਰਹਿੰਦੇ ਸਿੱਖਾਂ ਨੇ ਵੀ ਇਸ ਘਟਨਾ ‘ਤੇ ਗੁੱਸਾ ਜ਼ਾਹਰ ਕੀਤਾ ਸੀ। ਕੋਟਕਪੂਰਾ ‘ਚ ਇਸ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਗੋਲੀਆਂ ਵੀ ਚਲਾਈਆਂ ਸਨ। ਇਸ ਕਾਰਨ ਕੋਟਕਪੂਰਾ ‘ਚ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਸ ਤੋਂ ਬਾਅਦ ਮਾਮਲੇ ਨੇ ਜ਼ੋਰ ਫੜ ਲਿਆ। ਪੰਜਾਬ ਅੰਦਰ ਅੱਗ ਅਤੇ ਹਿੰਸਾ ਦੀਆਂ ਕਈ ਘਟਨਾਵਾਂ ਹੋਈਆਂ। 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਵੱਡਾ ਮੁੱਦਾ ਬਣ ਗਿਆ ਸੀ ਅਤੇ ਸਿੱਖ ਕੌਮ ਇਸ ਘਟਨਾ ਨੂੰ ਲੈ ਕੇ ਤਤਕਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਸੀ। ਇਸੇ ਕਾਰਨ 2017 ‘ਚ ਅਕਾਲੀ-ਭਾਜਪਾ ਗਠਜੋੜ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਮੁੱਖ ਵਿਰੋਧੀ ਪਾਰਟੀ ਵੀ ਨਹੀਂ ਬਣ ਸਕੀ।