-ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ‘ਚ ਕੀਤੇ ਫੈਸਲੇ
ਅੰਮ੍ਰਿਤਸਰ, 9 ਦਸੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਪ੍ਰਚਾਰਕ ਹਰਿੰਦਰ ਸਿੰਘ ਨੂੰ ਤਨਖਾਹ ਲਾਈ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਏ ਗਏ ਹੁਕਮ ਮੁਤਾਬਕ ਇਨ੍ਹਾਂ ਸਾਰਿਆਂ ਨੂੰ ਵੱਖ-ਵੱਖ ਗੁਰਦੁਆਰਿਆਂ ਵਿਚ ਜੋੜੇ ਝਾੜਨ, ਬਰਤਨ ਸਾਫ ਕਰਨ, ਗੁਰਬਾਣੀ ਦਾ ਪਾਠ ਕਰਨ ਆਦਿ ਦੀ ਤਨਖਾਹ ਲਾਈ ਗਈ ਹੈ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਹੋਈ, ਜਿਸ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਅਤੇ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਗਿਆਨੀ ਮੰਗਲ ਸਿੰਘ ਸ਼ਾਮਲ ਹੋਏ।
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਵਿਰਸਾ ਸਿੰਘ ਵਲਟੋਹਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਕਰਮਜੀਤ ਸਿੰਘ, ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਨਿਰਵੈਰ ਖ਼ਾਲਸਾ ਜਥਾ ਯੂ.ਕੇ. ਦੇ ਪ੍ਰਚਾਰਕ ਭਾਈ ਹਰਿੰਦਰ ਸਿੰਘ ਅਕਾਲ ਤਖ਼ਤ ਸਨਮੁਖ ਪੇਸ਼ ਹੋਏ ਅਤੇ ਉਨ੍ਹਾਂ ਆਪਣੀਆਂ ਗ਼ਲਤੀਆਂ ਸਵੀਕਾਰ ਕਰਦਿਆਂ ਮੁਆਫ਼ੀ ਮੰਗੀ। ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਖਿਮਾ ਦੇਣ ਸਬੰਧੀ ਕੀਤੀ ਗਲਤੀ ਲਈ ਤਨਖਾਹ ਲਗਾਈ ਗਈ। ਉਹ ਦੋ ਦਿਨ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਇੱਕ ਘੰਟਾ ਭਾਂਡੇ ਮਾਂਜਣਗੇ ਅਤੇ ਇੱਕ ਘੰਟਾ ਜੋੜੇ ਸਾਫ ਕਰਨਗੇ। ਉਨ੍ਹਾਂ ਨੂੰ ਦੋ ਦਿਨ ਜਪੁਜੀ ਸਾਹਿਬ, ਆਸਾ ਦੀ ਵਾਰ, ਜਾਪੁ ਸਾਹਿਬ ਦੇ ਇੱਕ-ਇੱਕ ਪਾਠ ਕਰਨ ਦੀ ਵੀ ਸੇਵਾ ਲੱਗੀ ਹੈ। ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਉੱਤੇ ਦੱਖਣ ਭਾਰਤ ‘ਚ ਹੋਏ ਸਮਾਗਮ ਦੌਰਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਇੱਕ ਚੇਅਰ ਦੇ ਸੋਧ ਕਾਰਜਾਂ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਵਿਰੁੱਧ ਪ੍ਰਗਟਾਵਾ ਕਰਨ ਦਾ ਦੋਸ਼ ਲੱਗਾ ਸੀ। ਅਕਾਲ ਤਖ਼ਤ ਸਾਹਿਬ ਵੱਲੋਂ ਡਾ. ਕਰਮਜੀਤ ਸਿੰਘ ਨੂੰ ਦੋ ਦਿਨ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿਚ ਇੱਕ-ਇੱਕ ਘੰਟਾ ਭਾਂਡੇ ਅਤੇ ਜੋੜੇ ਸਾਫ ਕਰਨ ਦੀ ਸੇਵਾ ਲਾਈ ਗਈ ਹੈ। ਪੰਜ ਦਿਨ ਨਿਤਨੇਮ ਤੋਂ ਇਲਾਵਾ ਉਹ ਜਪੁਜੀ ਸਾਹਿਬ, ਆਸਾ ਦੀ ਵਾਰ ਦਾ ਪਾਠ ਵੀ ਕਰਨਗੇ। ਉਹ ਭਾਈ ਕਾਨ੍ਹ ਸਿੰਘ ਨਾਭਾ ਦੀ ਲਿਖੀ ਪੁਸਤਕ ‘ਹਮ ਹਿੰਦੂ ਨਹੀਂ’ ਪੜ੍ਹਨਗੇ ਅਤੇ 500 ਕਾਪੀਆਂ ਸੰਗਤ ਵਿਚ ਵੰਡਣਗੇ।
ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਸ੍ਰੀਨਗਰ ਵਿਚ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਸਮਾਗਮ ਦੌਰਾਨ ਨਾਚ-ਗਾਣੇ ਦਾ ਪ੍ਰੋਗਰਾਮ ਕਰਵਾਉਣ ਲਈ ਦੋ ਦਿਨ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਲੰਗਰ ਹਾਲ ‘ਚ ਇੱਕ ਘੰਟਾ ਭਾਂਡੇ ਮਾਂਜਣ ਅਤੇ ਜੋੜੇ ਸਾਫ ਕਰਨ ਦੀ ਤਨਖਾਹ ਲਾਈ ਗਈ ਹੈ। ਉਹ ਚਾਰ ਦਿਨ ਜਪੁਜੀ ਸਾਹਿਬ, ਸੁਖਮਨੀ ਸਾਹਿਬ ਅਤੇ ਜ਼ਫਰਨਾਮਾ ਦਾ ਇੱਕ-ਇੱਕ ਪਾਠ ਕਰਨਗੇ। ਜਸਵੰਤ ਸਿੰਘ ਨੂੰ ਪ੍ਰਿੰਸੀਪਲ ਸਤਬੀਰ ਸਿੰਘ ਦੀ ਲਿਖੀ ਪੁਸਤਕ ‘ਇਤਿ ਜਿਨਿ ਕਰੀ-ਜੀਵਨ ਸ੍ਰੀ ਗੁਰੂ ਤੇਗ਼ ਬਹਾਦਰ ਜੀ’ ਪੜ੍ਹਨ ਅਤੇ 100 ਕਾਪੀਆਂ ਵੰਡਣ ਦਾ ਵੀ ਹੁਕਮ ਦਿੱਤਾ ਗਿਆ ਹੈ।
ਪ੍ਰਚਾਰਕ ਹਰਿੰਦਰ ਸਿੰਘ ਨੂੰ ਦੋ ਦਿਨ ਹਰਿਮੰਦਰ ਸਾਹਿਬ ‘ਚ ਇੱਕ ਘੰਟਾ ਭਾਂਡੇ ਮਾਂਜਣ ਅਤੇ ਇੱਕ ਘੰਟਾ ਜੋੜੇ ਸਾਫ ਕਰਨ ਦੀ ਸੇਵਾ ਲਾਈ ਗਈ ਹੈ। ਉਹ ਜਪੁਜੀ ਸਾਹਿਬ, ਅਨੰਦ ਸਾਹਿਬ ਦੀਆਂ 40 ਪਉੜੀਆਂ ਅਤੇ ਜ਼ਫਰਨਾਮਾ ਦਾ ਪਾਠ ਵੀ ਕਰਨਗੇ।
ਅਕਾਲੀ ਦਲ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਖਿਮਾ ਜਾਚਨਾ ਕਰਨ ‘ਤੇ ਪੰਜ ਸਿੰਘ ਸਾਹਿਬਾਨ ਨੇ ਉਸ ਉੱਤੇ ਸ਼੍ਰੋਮਣੀ ਅਕਾਲੀ ਦਲ ਵਿਚ ਦਸ ਸਾਲ ਸ਼ਾਮਲ ਨਾ ਕੀਤੇ ਜਾਣ ਦੀ ਲਗਾਈ ਗਈ ਰੋਕ ਹਟਾ ਦਿੱਤੀ। ਉਨ੍ਹਾਂ ਨੂੰ ਕਿਸੇ ਵੀ ਧਾਰਮਿਕ ਸ਼ਖ਼ਸੀਅਤ ਵਿਰੁੱਧ ਬਿਆਨਬਾਜ਼ੀ ਤੋਂ ਵਰਜਿਆ ਗਿਆ ਹੈ। ਉਹ ਤਿੰਨ ਦਿਨ ਹਰਿਮੰਦਰ ਸਾਹਿਬ, ਦੋ ਦਿਨ ਦਰਬਾਰ ਸਾਹਿਬ ਤਰਨ ਤਾਰਨ ਅਤੇ ਇੱਕ-ਇੱਕ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇੱਕ-ਇੱਕ ਘੰਟਾ ਭਾਂਡੇ ਮਾਂਜਣਗੇ ਅਤੇ ਜੋੜੇ ਸਾਫ ਕਰਨਗੇ। ਉਹ ਨਿਤਨੇਮ ਤੋਂ ਇਲਾਵਾ 11 ਦਿਨ ਜਪੁਜੀ ਸਾਹਿਬ, ਕਬਿਯੋਬਾਚ ਬੇਨਤੀ ਚੌਪਈ ਅਤੇ ਰਾਮਕਲੀ ਕੀ ਵਾਰ ਦਾ ਇੱਕ ਪਾਠ ਕਰਨਗੇ। ਇਕੱਤਰਤਾ ਦੌਰਾਨ ਛੋਟੇ ਸਾਹਿਬਾਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਇੱਕੋ ਦਿਨ 27 ਦਸੰਬਰ ਨੂੰ ਆਉਣ ‘ਤੇ ਵੀ ਵਿਚਾਰ ਕੀਤਾ ਗਿਆ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਤਰੀਕ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ ਪਰ ਸੰਗਤ ਆਪਣੀ ਸਹੂਲਤ ਮੁਤਾਬਕ ਛੁੱਟੀ ਦੇਖ ਕੇ ਗੁਰੂ ਸਾਹਿਬ ਨੂੰ ਸਮਰਪਿਤ ਸਮਾਗਮ ਕਰਵਾ ਸਕਦੀ ਹੈ।
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸਾਬਕਾ ਜਥੇਦਾਰ ਸਣੇ ਪੰਜ ਨੂੰ ਲਗਾਈ ਗਈ ਤਨਖਾਹ

