ਐਡਵੋਕੇਟ ਧਾਮੀ ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਫਰਵਰੀ (ਪੰਜਾਬ ਮੇਲ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਐਚਡੀਐਫਸੀ ਬੈਂਕ ਵੱਲੋਂ ਕਾਰਪੋਰੇਟ ਸਮਾਜਿਕ ਜਿੰੰਮੇਵਾਰੀ (ਸੀ.ਐੱਸ.ਆਰ.) ਪ੍ਰੋਗਰਾਮ ਤਹਿਤ ਅੱਜ ਤਿੰਨ ਬੱਸਾਂ ਅਤੇ ਤਿੰਨ ਵੈਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀਆਂ ਗਈਆਂ। ਇਸ ਮੌਕੇ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅਰਦਾਸ ਕਰਨ ਉਪਰੰਤ ਐਚਡੀਐਫਸੀ ਬੈਂਕ ਅਧਿਕਾਰੀਆਂ ਨੇ ਇਨ੍ਹਾਂ ਵਾਹਨਾਂ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੌਂਪੀਆਂ ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਸਾਹਿਬਾਨ ਦੇ ਸੰਚਾਰੂ ਪ੍ਰਬੰਧਾਂ ਦੇ ਨਾਲ-ਨਾਲ ਵਿਦਿਆ ਅਤੇ ਸਿਹਤ ਦੇ ਖੇਤਰ ਵਿਚ ਵੱਡੀਆਂ ਸੇਵਾਵਾਂ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਕਾਰਜਾਂ ਵਿਚ ਸੰਗਤਾਂ ਅਤੇ ਵੱਖ-ਵੱਖ ਅਦਾਰਿਆਂ ਵੱਲੋਂ ਵੀ ਵੱਡਾ ਯੋਗਦਾਨ ਪਾਇਆ ਜਾਂਦਾ ਹੈ। ਇਸੇ ਤਰ੍ਹਾਂ ਅੱਜ ਐਚਡੀਐਫਸੀ ਬੈਂਕ ਵੱਲੋਂ ਸੰਗਤਾਂ ਦੀ ਸਹੂਲਤ ਲਈ ਸੀਐੱਸਆਰ ਪ੍ਰੋਗਰਾਮ ਤਹਿਤ 52 ਸੀਟਰ ਤਿੰਨ ਬੱਸਾਂ ਅਤੇ ਤਿੰਨ ਛੋਟੀਆਂ ਵੈਨਾਂ ਭੇਟ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਐਚਡੀਐਫਸੀ ਬੈਂਕ ਵੱਲੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਵਿਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਦੀ ਸਹੂਲਤ ਲਈ ਕੰਪਿਊਟਰ ਅਤੇ ਸਮਾਰਟ ਕਲਾਸ ਪ੍ਰੋਜੈਕਟਰ ਆਦਿ ਦਿੱਤੇ ਗਏ ਸਨ। ਐਡਵੋਕੇਟ ਧਾਮੀ ਨੇ ਬੈਂਕ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਬੈਂਕ ਵੱਲੋਂ ਅੱਗੇ ਵੀ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਵਿਚ ਸਹਿਯੋਗ ਕਰਨ ਦੀ ਆਸ ਪ੍ਰਗਟਾਈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਐਚਡੀਐਫਸੀ ਬੈਂਕ ਅਧਿਕਾਰੀਆਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਲੋਈ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਮੈਂਬਰ ਸ. ਗੁਰਿੰਦਰਪਾਲ ਸਿੰਘ ਗੋਰਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਐਚਡੀਐਫਸੀ ਬੈਂਕ ਦੇ ਜੋਨਲ ਹੈੱਡ ਸ੍ਰੀ ਅਮਿਤ ਗਗਨੇਜਾ, ਕਲਸਟਰ ਹੈੱਡ ਸ੍ਰੀ ਵਿਵੇਕ ਅਭੀ, ਬ੍ਰਾਂਚ ਹੈੱਡ ਸ. ਹਰਿੰਦਰ ਸਿੰਘ, ਸੱਚ ਐਨਜੀਓ ਵੱਲੋਂ ਸ੍ਰੀ ਕਪਿਲ ਤ੍ਰਿਖਾ ਅਤੇ ਸ੍ਰੀ ਗੌਰਵ ਵੀ ਮੌਜੂਦ ਸਨ।
ਸ੍ਰੀ ਦਰਬਾਰ ਸਾਹਿਬ ਲਈ ਐਚਡੀਐਫਸੀ ਬੈਂਕ ਵੱਲੋਂ 3 ਬੱਸਾਂ ਤੇ 3 ਵੈਨਾਂ ਭੇਟ
