ਭਵਾਨੀਗੜ੍ਹ, 26 ਫਰਵਰੀ (ਦਲਜੀਤ ਕੌਰ/ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇ ਦਿੱਤੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ‘ਤੇ ਭਾਰੀ ਗਿਣਤੀ ਵਿਚ ਟਰੈਕਟਰ ਕਤਾਰਾਂ ‘ਚ ਖੜ੍ਹੇ ਕਰਕੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਭਾਕਿਯੂ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਧਨੇਰ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਭਾਰਤ ਸਰਕਾਰ ਉੱਤੇ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਲਈ ਦਬਾਅ ਬਣਾਉਣ ਲਈ ਅੱਜ ਘਰਾਚੋਂ ਤੋਂ ਲੈ ਕੇ ਪਿੰਡ ਚੰਨੋਂ ਤੱਕ ਹਜ਼ਾਰਾਂ ਦੀ ਗਿਣਤੀ ਵਿਚ ਟਰੈਕਟਰ ਖੜ੍ਹੇ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਭਾਰਤ ਦੇ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੇ ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਬਰਬਾਦ ਕਰਨ ਲਈ ਨਵੇਂ ਤੋਂ ਨਵੇਂ ਢੰਗ ਵਰਤ ਰਹੇ ਹਨ।
ਉਨ੍ਹਾਂ ਕੇਂਦਰ ਸਰਕਾਰ ਦੀ ਸ਼ਹਿ ‘ਤੇ ਹਰਿਆਣਾ ਸਰਕਾਰ ਵੱਲੋਂ ਹੱਕ ਮੰਗਦੇ ਕਿਸਾਨਾਂ ‘ਤੇ ਢਾਹੇ ਗਏ ਜ਼ਬਰ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦਾ ਮਨੋਰਥ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੇ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਦੀ ਮੁਆਫੀ ਸਮੇਤ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਵਾਉਣਾ ਹੈ।