-ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਤੇ ਨਿੱਜੀਕਰਨ ਨੀਤੀਆਂ ਖਿਲਾਫ ਕੀਤੀ ਮੀਟਿੰਗ
ਚੰਡੀਗੜ੍ਹ, 6 ਫਰਵਰੀ (ਪੰਜਾਬ ਮੇਲ)- ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਤੇ ਨਿੱਜੀਕਰਨ ਦੀਆਂ ਨੀਤੀਆਂ ਖ਼ਿਲਾਫ਼ ਇੱਥੇ ਸਥਿਤ ਕਿਸਾਨ ਭਵਨ ‘ਚ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਮੋਰਚੇ ਨਾਲ ਸਬੰਧਤ ਜਥੇਬੰਦੀਆਂ ਤੋਂ ਇਲਾਵਾ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ, ਨੌਜਵਾਨ ਅਤੇ ਮਹਿਲਾ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਆਗੂਆਂ ਨੇ ਬਿਜਲੀ ਸੋਧ ਬਿੱਲ, ਬੀਜ ਬਿੱਲ, ਮੁਕਤ ਵਪਾਰ ਸਮਝੌਤਾ, ਚਾਰ ਕਿਰਤ ਕੋਡਾਂ ਤੇ ਮਗਨਰੇਗਾ ਦੀ ਥਾਂ ਲਿਆਂਦੇ ਨਵੇਂ ਕਾਨੂੰਨ ਅਤੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਅਦਾਰਿਆਂ ਦੀਆਂ ਜ਼ਮੀਨਾਂ ਵੇਚਣ ਵਰਗੇ ਅਹਿਮ ਮਸਲਿਆਂ ‘ਤੇ ਚਰਚਾ ਕੀਤੀ। ਮੀਟਿੰਗ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਅੰਗਰੇਜ਼ ਸਿੰਘ ਭਦੌੜ, ਡਾ. ਦਰਸ਼ਨ ਪਾਲ ਅਤੇ ਬੂਟਾ ਸਿੰਘ ਬੁਰਜ ਗਿੱਲ ਨੇ ਕੀਤੀ। ਮੀਟਿੰਗ ਵਿੱਚ ਸਾਰਿਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ ਕਰਦਿਆਂ ਕੇਂਦਰ ਸਰਕਾਰ ਤੋਂ ਸਮਝੌਤੇ ਜਨਤਕ ਕਰਨ ਦੀ ਮੰਗ ਕੀਤੀ। ਮੋਰਚੇ ਨੇ ਮੰਗ ਕੀਤੀ ਕਿ ਸਮਝੌਤੇ ਵਿਚੋਂ ਖੇਤੀ ਖੇਤਰ ਨੂੰ ਬਾਹਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਮੋਰਚੇ ਵੱਲੋਂ 11 ਫਰਵਰੀ ਤੱਕ ਪਿੰਡਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪੁਤਲੇ ਫੂਕੇ ਜਾਣਗੇ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਜੇ ਤੱਕ ਪੰਜਾਬ ਸਰਕਾਰ ਨੇ ਬਿਜਲੀ ਸੋਧ ਬਿੱਲ ਸਣੇ ਹੋਰ ਕਿਸਾਨ ਤੇ ਮਜ਼ਦੂਰ ਵਿਰੋਧੀ ਬਿੱਲਾਂ ਬਾਰੇ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਜਨਤਕ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ, ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਘੋਲਾਂ ਦੀ ਅਣਦੇਖੀ ਕਰਨ ਅਤੇ ਸੰਘਰਸ਼ੀ ਲੋਕਾਂ ‘ਤੇ ਜਬਰ ਢਾਹੁਣ ਦੇ ਰਾਹ ਪਈ ਹੋਈ ਹੈ। ਇਸ ਖ਼ਿਲਾਫ਼ 22 ਫਰਵਰੀ ਨੂੰ ਪੰਜਾਬ ‘ਚ ‘ਆਪ’ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਧਰਨੇ ਦਿੱਤੇ ਜਾਣਗੇ। ਮੀਟਿੰਗ ਵਿਚ ਬਲਵੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਹਰਭਜਨ ਸਿੰਘ ਬੁੱਟਰ, ਡਾ. ਸਤਨਾਮ ਸਿੰਘ ਅਜਨਾਲਾ, ਹਰਵਿੰਦਰ ਸਿੰਘ ਬੱਲੋ, ਬੂਟਾ ਸਿੰਘ ਸ਼ਾਦੀਪੁਰ, ਬਲਵਿੰਦਰ ਸਿੰਘ ਰਾਜੂ ਔਲਖ, ਗੁਰਦਰਸ਼ਨ ਸਿੰਘ ਖਾਸਪੁਰ, ਜਗਪਾਲ ਸਿੰਘ ਊਧਾ, ਰਾਜਿੰਦਰ ਕੁਮਾਰ, ਜਸਵਿੰਦਰ ਸਿੰਘ, ਬਲਿਹਾਰ ਸਿੰਘ, ਗੁਲਜ਼ਾਰ ਸਿੰਘ ਗੋਰੀਆ, ਲਛਮਣ ਸਿੰਘ ਸੇਵੇਵਾਲਾ, ਹਰਜਿੰਦਰ ਸਿੰਘ, ਹਰਦੀਪ ਸਿੰਘ ਟੋਡਰਪੁਰ, ਧਰਮਵੀਰ ਹਰੀਗੜ੍ਹ ਤੇ ਕਸ਼ਮੀਰ ਸਿੰਘ ਘੁੱਗਸ਼ੋਰ ਸਣੇ ਵੱਖ-ਵੱਖ ਜਥੇਬੰਦੀਆਂ ਦੇ ਵੱਡੀ ਗਿਣਤੀ ਆਗੂ ਮੌਜੂਦ ਸਨ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਵਿਰੋਧ

