ਚੰਡੀਗੜ੍ਹ, 20 ਨਵੰਬਰ (ਪੰਜਾਬ ਮੇਲ)- ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਉਸ ਨੇ ਐੱਨ.ਐੱਸ.ਏ. ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਹੈ।
ਉਸ ਨੇ ਵਕੀਲ ਇਮਾਨ ਸਿੰਘ ਖਾਰਾ ਰਾਹੀਂ ਦਾਇਰ ਪਟੀਸ਼ਨ ਵਿਚ ਕਿਹਾ ਹੈ ਕਿ ਅਪ੍ਰੈਲ 2023 ਤੋਂ ਹਿਰਾਸਤ ਵਿਚ ਹੋਣ ਦੇ ਬਾਵਜੂਦ ਪਟੀਸ਼ਨਕਰਤਾ 2024 ਦੀਆਂ ਆਮ ਚੋਣਾਂ ਵਿਚ ਖਡੂਰ ਸਾਹਿਬ ਹਲਕੇ ਤੋਂ ਲਗਭਗ ਚਾਰ ਲੱਖ ਵੋਟਾਂ ਨਾਲ ਚੁਣਿਆ ਗਿਆ ਸੀ ਅਤੇ ਲਗਭਗ 19 ਲੱਖ ਹਲਕਾ ਵਾਸੀਆਂ ਦੀ ਨੁਮਾਇੰਦਗੀ ਕਰਦਾ ਆ ਰਿਹਾ ਹੈ। ਉਸ ਨੇ ਕੇਂਦਰ ਅਤੇ ਰਾਜ ਅਧਿਕਾਰੀਆਂ ਨੂੰ ਪੈਰੋਲ ‘ਤੇ ਰਿਹਾਅ ਕਰਨ ਦੀ ਆਗਿਆ ਦੇਣ ਜਾਂ ਵਿਕਲਪਕ ਤੌਰ ‘ਤੇ ਸੈਸ਼ਨ ਦੌਰਾਨ ਸਦਨ ਵਿਚ ਉਸ ਦੀ ਨਿੱਜੀ ਹਾਜ਼ਰੀ ਦਾ ਪ੍ਰਬੰਧ ਕਰਨ ਲਈ ਨਿਰਦੇਸ਼ ਦੇਣ ਲਈ ਇਕ ਆਦੇਸ਼ ਦੀ ਮੰਗ ਕੀਤੀ ਹੈ। ਪਟੀਸ਼ਨ ਵਿਚ ਦੱਸਿਆ ਗਿਆ ਹੈ ਕਿ ਇਸ ਸਾਲ 17 ਅਪਰੈਲ ਨੂੰ ਉਸ ਵਿਰੁੱਧ ਤੀਜਾ ਨਜ਼ਰਬੰਦੀ ਆਦੇਸ਼ ਜਾਰੀ ਕੀਤਾ ਗਿਆ ਸੀ, ਜਦੋਂ ਉਹ ਕੇਂਦਰੀ ਜੇਲ੍ਹ, ਡਿਬਰੂਗੜ੍ਹ ਵਿਚ ਨਜ਼ਰਬੰਦ ਸੀ।
ਦੂਜੇ ਪਾਸੇ ਪਤਾ ਲੱਗਾ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਅੰਮ੍ਰਿਤਪਾਲ ਨੇ ਪਟੀਸ਼ਨ ਵਿਚ 1 ਤੋਂ 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਦੇ ਅਗਾਮੀ ਸਰਦ ਰੁੱਤ ਇਜਲਾਸ ਵਿਚ ਸ਼ਮੂਲੀਅਤ ਲਈ ਜੇਲ੍ਹ ‘ਚੋਂ ਅਸਥਾਈ ਰਿਹਾਈ ਦੀ ਮੰਗ ਕੀਤੀ ਹੈ। ਡਵੀਜ਼ਨ ਬੈਂਚ ਨੇ ਪਟੀਸ਼ਨ ‘ਤੇ ਸੁਣਵਾਈ ਲਈ 21 ਨਵੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਅੰਮ੍ਰਿਤਪਾਲ ਨੇ ਪਟੀਸ਼ਨ ਵਿਚ ਐੱਨ.ਐੱਸ. ਏ. ਦੀ ਧਾਰਾ 15 ਦਾ ਹਵਾਲਾ ਦਿੱਤਾ ਜੋ ਸਮਰੱਥ ਅਧਿਕਾਰੀ ਨੂੰ ਅਸਾਧਾਰਨ ਹਾਲਾਤ ਵਿਚ ਨਜ਼ਰਬੰਦ ਨੂੰ ਪੈਰੋਲ ਦੇਣ ਦਾ ਅਧਿਕਾਰ ਦਿੰਦੀ ਹੈ।
ਅੰਮ੍ਰਿਤਪਾਲ ਦੇ ਵਕੀਲ ਨੇ ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਦੀ ਪਿਛਲੀ ਪਟੀਸ਼ਨ ਦਾ ਨਿਪਟਾਰਾ ਲੋਕ ਸਭਾ ਨੂੰ ਢੁਕਵੀਂ ਪ੍ਰਤੀਨਿਧਤਾ ਭੇਜਣ ਦੀ ਆਜ਼ਾਦੀ ਨਾਲ ਕਰ ਦਿੱਤਾ ਗਿਆ ਸੀ, ਜੋ ਕਿ ‘ਕੀਤੀ ਗਈ ਹੈ।’ ਸੁਣਵਾਈ ਦੌਰਾਨ ਬੈਂਚ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਐੱਨ. ਐੱਸ. ਏ. ਤਹਿਤ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਦੇ ਭਵਿੱਖ ਬਾਰੇ ਪੁੱਛਿਆ। ਚੀਫ਼ ਜਸਟਿਸ ਨੇ ਪੁੱਛਿਆ, ”ਪਟੀਸ਼ਨ ਵਿਰੁੱਧ ਐੱਨ. ਐੱਸ. ਏ. ਹਿਰਾਸਤ ਦਾ ਹੁਕਮ ਹੈ, ਉਸ ਕੇਸ ਦਾ ਕੀ ਹੋਇਆ… ਜਦੋਂ ਤੱਕ ਨਜ਼ਰਬੰਦੀ ‘ਤੇ ਰੋਕ ਨਹੀਂ ਲਗਾਈ ਜਾਂਦੀ, ਉਹ ਸੰਸਦੀ ਇਜਲਾਸ ਵਿਚ ਕਿਵੇਂ ਸ਼ਮੂਲੀਅਤ ਕਰ ਸਕਦਾ ਹੈ?” ਇਸ ਦੇ ਜਵਾਬ ਵਿਚ ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਇਹ ਦੋ ਵੱਖੋ-ਵੱਖਰੇ ਮਾਮਲੇ ਹਨ ਤੇ ਸੰਸਦ ਮੈਂਬਰ ਨੇ ਧਾਰਾ 15 ਵਿਚਲੀਆਂ ਵਿਵਸਥਾਵਾਂ ਦੇ ਹਵਾਲੇ ਨਾਲ ਰਾਹਤ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਹਾਈਕੋਰਟ ਕੋਲੋਂ ਮੰਗੀ ਪੈਰੋਲ

