#PUNJAB

ਹਰਿਆਣਾ ਸਰਕਾਰ ਵੱਲੋਂ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਨੂੰ ਕ੍ਰਿਪਾਨ ਤੇ ਮੰਗਲਸੂਤਰ ਪਹਿਨਣ ਦੀ ਇਜਾਜ਼ਤ

ਚੰਡੀਗੜ੍ਹ, 21 ਜਨਵਰੀ (ਪੰਜਾਬ ਮੇਲ)- ਹਰਿਆਣਾ ਸਰਕਾਰ ਨੇ ਸੂਬੇ ਵਿਚ ਹੋਣ ਵਾਲੀਆਂ ਵੱਖ-ਵੱਖ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ਾਂ ਤਹਿਤ ਕ੍ਰਿਪਾਨ ਅਤੇ ਮੰਗਲਸੂਤਰ ਪਹਿਨਣ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਸਬੰਧੀ ਸਿੱਖ ਵਿਦਿਆਰਥੀਆਂ ਅਤੇ ਵਿਆਹੁਤਾ ਮਹਿਲਾ ਉਮੀਦਵਾਰਾਂ ਨੂੰ ਪ੍ਰੀਖਿਆਵਾਂ ਦੌਰਾਨ ਕਈ ਸਮੱਸਿਆਵਾਂ ਆਉਂਦੀਆਂ ਸਨ। ਹਰਿਆਣਾ ਸਰਕਾਰ ਨੇ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਭਰਤੀ ਏਜੰਸੀਆਂ ਰਾਹੀਂ ਲਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਲਈ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ। ਇਹ ਨਿਰਦੇਸ਼ ਅਦਾਲਤਾਂ ਦੇ ਦਖਲ ਤੋਂ ਬਾਅਦ ਜਾਰੀ ਕੀਤੇ ਗਏ ਹਨ ਕਿਉਂਕਿ ਕਈ ਸਿੱਖ ਵਿਦਿਆਰਥੀਆਂ ਤੇ ਵਿਆਹੁਤਾ ਔਰਤਾਂ ਨੂੰ ਕ੍ਰਮਵਾਰ ਕ੍ਰਿਪਾਨ ਤੇ ਮੰਗਲਸੂਤਰ ਕਾਰਨ ਪ੍ਰੀਖਿਆ ਕੇਂਦਰਾਂ ਵਿਚ ਦਾਖਲ ਹੋਣ ‘ਤੇ ਰੋਕਿਆ ਗਿਆ ਸੀ।
ਮੁੱਖ ਸਕੱਤਰ ਦਫ਼ਤਰ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪ੍ਰੀਖਿਆਵਾਂ ‘ਚ ਸ਼ਾਮਲ ਹੋਣ ਵਾਲੇ ਸਿੱਖ ਵਿਦਿਆਰਥੀਆਂ ਅਤੇ ਉਮੀਦਵਾਰਾਂ ਨੂੰ ਨਿਰਧਾਰਤ ਮਾਪਦੰਡਾਂ ਤਹਿਤ ਕ੍ਰਿਪਾਨ ਪਹਿਨਣ ਅਤੇ ਲਿਜਾਣ ਦੀ ਇਜਾਜ਼ਤ ਹੋਵੇਗੀ। ਕ੍ਰਿਪਾਨ ਦੀ ਕੁੱਲ ਲੰਬਾਈ 9 ਇੰਚ (22.86 ਸੈਂਟੀਮੀਟਰ) ਤੋਂ ਵੱਧ ਨਹੀਂ ਹੋਣੀ ਚਾਹੀਦੀ ਤੇ ਇਸ ਦੇ ਬਲੇਡ ਦੀ ਲੰਬਾਈ 6 ਇੰਚ (15.24 ਸੈਂਟੀਮੀਟਰ) ਤੋਂ ਵੱਧ ਨਹੀਂ ਹੋਣੀ ਚਾਹੀਦੀ। ਅਜਿਹੇ ਉਮੀਦਵਾਰਾਂ ਨੂੰ ਨਿਰਧਾਰਤ ਸਮੇਂ ਤੋਂ ਘੱਟੋ-ਘੱਟ ਇੱਕ ਘੰਟਾ ਪਹਿਲਾਂ ਪ੍ਰੀਖਿਆ ਕੇਂਦਰ ਵਿਚ ਰਿਪੋਰਟ ਕਰਨ ਦੀ ਸਲਾਹ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਪ੍ਰੀਖਿਆਰਥੀ ਨੂੰ ਨਿਰਧਾਰਤ ਸਮੇਂ ਤੋਂ ਘੱਟੋ-ਘੱਟ 30 ਮਿੰਟ ਪਹਿਲਾਂ ਪ੍ਰੀਖਿਆ ਕੇਂਦਰ ਵਿਚ ਰਿਪੋਰਟ ਕਰਨਾ ਵੀ ਜ਼ਰੂਰੀ ਹੈ।
ਇਹ ਫੈਸਲਾ ਦਿੱਲੀ ਹਾਈ ਕੋਰਟ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵੱਖ-ਵੱਖ ਫੈਸਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿਨ੍ਹਾਂ ਨੇ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਂਦੇ ਹੋਏ ਧਾਰਮਿਕ ਅਤੇ ਸੱਭਿਆਚਾਰਕ ਹੱਕਾਂ ਦੀ ਰਾਖੀ ‘ਤੇ ਜ਼ੋਰ ਦਿੱਤਾ ਸੀ।
ਸਾਰੇ ਪ੍ਰਸ਼ਾਸਕੀ ਸਕੱਤਰਾਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਗਏ ਹਨ ਕਿ ਉਨ੍ਹਾਂ ਦੇ ਨਿਯੰਤਰਣ ਅਧੀਨ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਭਰਤੀ ਏਜੰਸੀਆਂ ਦੇ ਮੁਖੀ ਇਸ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕਰਨ ਤਾਂ ਕਿ ਪ੍ਰੀਖਿਆ ਸਟਾਫ, ਨਿਗਰਾਨਾਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਸਹੀ ਢੰਗ ਨਾਲ ਦੱਸਿਆ ਜਾ ਸਕੇ ਤੇ ਪ੍ਰੀਖਿਆਰਥੀ ਪ੍ਰੇਸ਼ਾਨ ਨਾ ਹੋਣ।