#INDIA

ਹਿਮਾਚਲ ‘ਚ ਐਂਬੂਲੈਂਸ ਸੇਵਾਵਾਂ ਠੱਪ: 48 ਘੰਟਿਆਂ ਦੀ ਹੜਤਾਲ ‘ਤੇ ਕਰਮਚਾਰੀ

ਘੱਟੋ-ਘੱਟ ਉਜਰਤ ਅਤੇ ਕਿਰਤ ਕਾਨੂੰਨ ਲਾਗੂ ਕਰਨ ਦੀ ਮੰਗ; ਸੂਬਾ ਭਰ ‘ਚ ਪ੍ਰਦਰਸ਼ਨ ਜਾਰੀ
ਸ਼ਿਮਲਾ, 26 ਦਸੰਬਰ (ਪੰਜਾਬ ਮੇਲ)- ਹਿਮਾਚਲ ਪ੍ਰਦੇਸ਼ ਵਿਚ ਸ਼ੁੱਕਰਵਾਰ ਨੂੰ ਐਂਬੂਲੈਂਸ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ ਕਿਉਂਕਿ 108 ਅਤੇ 102 ਐਂਬੂਲੈਂਸ ਯੂਨੀਅਨ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਹੈ।
‘ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨ’ (ਸੀ.ਆਈ.ਟੀ.ਯੂ.) ਨਾਲ ਸਬੰਧਤ ਹਜ਼ਾਰਾਂ ਕਰਮਚਾਰੀਆਂ ਨੇ ਕਿਰਤ ਕਾਨੂੰਨਾਂ ਨੂੰ ਲਾਗੂ ਕਰਨ, ਘੱਟੋ-ਘੱਟ ਉਜਰਤ, ਓਵਰਟਾਈਮ ਭੁਗਤਾਨ ਅਤੇ ਕਰਮਚਾਰੀਆਂ ਦੀ ਕਥਿਤ ਮਾਨਸਿਕ ਪਰੇਸ਼ਾਨੀ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਸ਼ਿਮਲਾ ਵਿਚ ਕੌਮੀ ਸਿਹਤ ਮਿਸ਼ਨ (ਐੱਨ.ਐੱਚ.ਐੱਮ.) ਦੇ ਦਫ਼ਤਰ ਬਾਹਰ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਪ੍ਰਬੰਧਕੀ ਨਿਰਦੇਸ਼ਕ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ, ਜਿਨ੍ਹਾਂ ਨੇ ਜਲਦ ਹੱਲ ਕੱਢਣ ਦਾ ਭਰੋਸਾ ਦਿੱਤਾ ਹੈ।
ਸੀਟੂ (ਸੀ.ਆਈ.ਟੀ.ਯੂ.) ਦੇ ਸੂਬਾ ਪ੍ਰਧਾਨ ਵਿਜੇਂਦਰ ਮਹਿਰਾ ਨੇ ਐੱਨ.ਐੱਚ.ਐੱਮ. ਅਧੀਨ ਕੰਮ ਕਰਦੇ ਕਰਮਚਾਰੀਆਂ ਦੇ ਸ਼ੋਸ਼ਣ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਐਲਾਨੀ ਘੱਟੋ-ਘੱਟ ਉਜਰਤ ਵੀ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਕਰਮਚਾਰੀਆਂ ਨੂੰ ਬਣਦੀਆਂ ਛੁੱਟੀਆਂ ਮਿਲ ਰਹੀਆਂ ਹਨ।
ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਵੀ ਕਰਮਚਾਰੀ ਆਪਣੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ, ਤਾਂ ਉਨ੍ਹਾਂ ਨੂੰ ਤਬਾਦਲਿਆਂ, ਜ਼ਬਰਦਸਤੀ ਅਸਤੀਫ਼ਿਆਂ ਜਾਂ ਹੋਰ ਤਰੀਕਿਆਂ ਨਾਲ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕੀਤਾ ਜਾਂਦਾ ਹੈ।
ਮਹਿਰਾ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।